#OTHERS

ਪਾਕਿ ਸਰਕਾਰ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ 1000 ਤੋਂ ਵਧ ਪੁਲਿਸ ਮੁਲਾਜ਼ਮ ਕਰੇਗੀ ਤਾਇਨਾਤ

-‘ਸਿੱਖ ਸੰਗਤਾਂ ਦੀ ਸੁਰੱਖਿਆ ਪ੍ਰਬੰਧਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ’
ਲਾਹੌਰ, 10 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨੀ ਸੂਬੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਦੇ ਚੇਅਰਮੈਨ ਰਮੇਸ਼ ਸਿੰਘ ਅਰੋੜਾ ਨੇ ਸਿੱਖ ਭਾਈਚਾਰੇ ਦੇ ਮਨਾਏ ਜਾ ਰਹੇ ਸਮਾਗਮਾਂ ਲਈ ਭਾਰਤ ਨੂੰ ਸੱਦਾ ਦਿੱਤਾ ਹੈ ਅਤੇ ਆਉਣ ਵਾਲੇ ਵਿਸਾਖੀ ਮੇਲੇ ਦੇ ਨਾਲ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਨ ਦਾ ਦ੍ਰਿੜ੍ਹ ਸੰਕਲਪ ਜ਼ਾਹਿਰ ਕੀਤਾ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਰਮੇਸ਼ ਸਿੰਘ ਅਰੋੜਾ ਨੇ ਇਹ ਪ੍ਰਗਟਾਵਾ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਦੇ ਦਿਹਾੜੇ ਸਬੰਧੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਨੇ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ, ਰਿਹਾਇਸ਼ ਅਤੇ ਸਫਾਈ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਯਾਤਰੀ ਬੋਰਡਿੰਗ ਬਲਾਕ, ਰਸੋਈ ਅਤੇ ਮੁੱਖ ਪ੍ਰਾਰਥਨਾ ਸਥਾਨ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਦੇਸ਼ ‘ਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਸਿੱਖ ਸ਼ਰਧਾਲੂਆਂ ਲਈ ਬਹੁ-ਪੱਧਰੀ ਅਤੇ ਫੁਲਪਰੂਫ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਯਾਤਰਾ ਦੌਰਾਨ ਮੁਫਤ ਭੋਜਨ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਅਰੋੜਾ ਨੇ ਕਿਹਾ ਕਿ ਯਾਤਰਾ ਦੇ ਬਿਹਤਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ ਅਤੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਏ ਪ੍ਰੋਟੋਕੋਲ ਅਨੁਸਾਰ ਵੀਜ਼ੇ ਜਾਰੀ ਕੀਤੇ ਜਾਣਗੇ, ਜਦਕਿ ਪਾਕਿਸਤਾਨ ਸਰਕਾਰ ਨੇ ਵੱਖ-ਵੱਖ ਸਿੱਖ ਗੁਰਦੁਆਰਿਆਂ ‘ਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਖਾਸ ਕਰ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਚ ਸਿੱਖ ਸੰਗਤਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਮੰਤਰੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਨੁਮਾਇੰਦਿਆਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਸੁਝਾਵਾਂ ਤੋਂ ਜਾਣੂ ਕਰਵਾਉਂਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੁਲੈਕਟਰ ਰਾਓ ਆਤਿਫ਼ ਰਜ਼ਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਅਤੇ ਪੀ.ਐੱਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਵਿਖੇ ਸੁਰੱਖਿਆ, ਭੋਜਨ ਅਤੇ ਰਿਹਾਇਸ਼ ਲਈ ਇਕ ਵਿਆਪਕ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਹੈ। ਰਾਓ ਨੇ ਕਿਹਾ ਕਿ ਸੁਰੱਖਿਆ ਦੀ ਨਿਗਰਾਨੀ ਲਈ 6 ਐੱਸ.ਡੀ.ਪੀ.ਓ., 17 ਇੰਸਪੈਕਟਰ, 103 ਵਧੀਕ ਪੁਲਿਸ ਸੁਪਰਡੈਂਟ, 94 ਹੈੱਡ ਕਾਂਸਟੇਬਲ, 667 ਕਾਂਸਟੇਬਲ ਅਤੇ 36 ਮਹਿਲਾ ਕਾਂਸਟੇਬਲਾਂ ਸਮੇਤ ਲਗਭਗ 1,000 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਹਿੰਦੂ ਬੀਬੀ ਅਫ਼ਸਰ ਡਾ. ਸਨਾ ਰਾਮਚੰਦ, ਔਕਾਫ਼ ਬੋਰਡ, ਪੀ.ਐੱਸ.ਜੀ.ਪੀ.ਸੀ., ਪੁਲਿਸ ਅਤੇ ਵੱਖ-ਵੱਖ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।