ਅੰਮ੍ਰਿਤਸਰ, 7 ਅਗਸਤ (ਪੰਜਾਬ ਮੇਲ)- ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ‘ਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਬਿਆਨਾਂ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਤਰ੍ਹਾਂ ਦਾ ਵੀ ਕੋਈ ਵੀ ਪੁਲਸ ਕੇਸ ਦਰਜ ਨਹੀਂ ਕਰਵਾਉਣਗੇ ਅਤੇ ਆਪਣੇ ਦਮ ‘ਤੇ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣਗੇ, ਜੋ ਇਸ ਦੇ ਲਈ ਜ਼ਿੰਮੇਵਾਰ ਹਨ। ਲੌਂਗੋਵਾਲ ਵੱਲੋਂ ਦੋਸ਼ੀਆਂ ਖ਼ਿਲਾਫ਼ ਪੁਲਸ ਕੇਸ ਦਰਜ ਨਾ ਕਰਵਾਉਣ ਦੇ ਫੈਸਲੇ ਮਗਰੋਂ ਇਹ ਮਾਮਲਾ ਹੁਣ ਗਰਮਾ ਗਿਆ ਹੈ। ਇਸ ਮਾਮਲੇ ‘ਚ ਸਿੱਖ ਸੰਸਥਾਵਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਡਰ ਹੈ ਕਿ ਮਾਮਲਾ ਪੁਲਸ ਕੋਲ ਜਾਣ ਨਾਲ ਕਈ ਕੜੀਆਂ ਸਾਹਮਣੇ ਆ ਜਾਣਗੀਆਂ। ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਮਾਮਲਾ ਪੁਲਸ ਕੋਲ ਜਾਣ ਨਾਲ ਕਈ ਵੱਡੀਆਂ ਹਸਤੀਆਂ ਦੇ ਨਾਂ ਸਾਹਮਣੇ ਆ ਸਕਦੇ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਲਈ ਵੀ ਦਬਾਅ ਵਧਦਾ ਜਾ ਰਿਹਾ ਸੀ।