#INDIA

ਪੀਲੀਭੀਤ ਤੋਂ 3 ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਪੰਜਾਬ ਲਿਜਾ ਰਹੀ ਐਂਬੂਲੈਂਸ ਦੀ ਟੱਕਰ

-ਉੱਤਰ ਪ੍ਰਦੇਸ਼ ਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ‘ਚ ਮਾਰੇ ਗਏ ਸਨ ਸ਼ੱਕੀ
ਰਾਮਪੁਰ, 25 ਦਸੰਬਰ (ਪੰਜਾਬ ਮੇਲ)- ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿਚ ਹੋਏ ਗ੍ਰਨੇਡ ਹਮਲੇ ਵਿਚ ਕਥਿਤ ਤੌਰ ‘ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਪੀਲੀਭੀਤ ਵਿਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਐਂਬੂਲੈਂਸ ਨਾਲ ਟੱਕਰ ਮਾਰਨ ਦੀ ਘਟਨਾ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ‘ਤੇ ਵਾਪਰੀ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਪਰ ਐਂਬੂਲੈਂਸ ਖਰਾਬ ਹੋ ਗਈ, ਜਿਸ ਤੋਂ ਬਾਅਦ ਲਾਸ਼ਾਂ ਨੂੰ ਕਿਸੇ ਹੋਰ ਵਾਹਨ ‘ਚ ਲਿਜਾਇਆ ਗਿਆ।
ਰਾਮਪੁਰ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਵਿਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਪੀਲੀਭੀਤ ਤੋਂ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਨੂੰ ਮੰਗਲਵਾਰ ਦੇਰ ਰਾਤ ਰਾਮਪੁਰ ਬਾਈਪਾਸ ‘ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਪੁਰ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਤਿੰਨਾਂ ਲਾਸ਼ਾਂ ਨੂੰ ਨੁਕਸਾਨੇ ਵਾਹਨ ਤੋਂ ਦੂਜੀ ਐਂਬੂਲੈਂਸ ‘ਚ ਲਿਜਾਇਆ ਗਿਆ।
ਜ਼ਿਕਰਯੋਗ ਹੈ ਕਿ ਪੀਲੀਭੀਤ ਦੇ ਪੂਰਨਪੁਰ ‘ਚ ਸੋਮਵਾਰ ਨੂੰ ਪੰਜਾਬ ਪੁਲਿਸ ਤੇ ਉੱਤਰ ਪ੍ਰਦੇਸ਼ ਪੁਲਿਸ ਦੀ ਸਾਂਝੀ ਟੀਮ ਨੇ ਐਨਕਾਊਂਟਰ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦੇ 3 ਸ਼ੱਕੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਮ੍ਰਿਤਕਾਂ ਦੀ ਪਛਾਣ ਗੁਰਵਿੰਦਰ (25), ਵਰਿੰਦਰ ਸਿੰਘ (23) ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (18) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਦੱਸ ਦਈਏ ਕਿ ਇਨ੍ਹਾਂ 3 ਦਹਿਸ਼ਤਗਰਦਾਂ ‘ਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਇਲਾਕੇ ‘ਚ ਬਖਸ਼ੀਵਾਲਾ ਪੁਲਿਸ ਚੌਕੀ ਉਤੇ ਹਮਲਾ ਕਰਨ ਦਾ ਇਲਜ਼ਾਮ ਸੀ।