ਇਸਲਾਮਾਬਾਦ, 22 ਅਪ੍ਰੈਲ (ਪੰਜਾਬ ਮੇਲ)- ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਹਿਯੋਗੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਸੰਸਦ ਮੈਂਬਰ ਚੌਧਰੀ ਅਨਵਾਰੁਲ ਹੱਕ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦਾ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸਰਦਾਰ ਤਨਵੀਰ ਇਲਿਆਸ ਖਾਨ ਨੂੰ ਉੱਚ ਅਦਾਲਤ ਨੇ ਉੱਚ ਨਿਆਂਪਾਲਿਕਾ ਨੂੰ ਬਦਨਾਮ ਕਰਨ ਲਈ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਸੀ।
ਇਸ ਤੋਂ ਬਾਅਦ ਇਹ ਅਹੁਦਾ ਪਿਛਲੇ ਹਫ਼ਤੇ ਖਾਲੀ ਹੋ ਗਿਆ ਸੀ। ਨਵੇਂ ਪ੍ਰਧਾਨ ਮੰਤਰੀ ਚੌਧਰੀ ਅਨਵਾਰੁਲ ਹੱਕ ਨੇ ਸਦਨ ਵਿਚ ਮੌਜੂਦ ਸਾਰੇ 48 ਮੈਂਬਰਾਂ ਦਾ ਵਿਸ਼ਵਾਸ ਹਾਸਲ ਕੀਤਾ, ਜਿਨ੍ਹਾਂ ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼, ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਸਮੇਤ ਸਾਰੀਆਂ ਪ੍ਰਮੁੱਖ ਪਾਰਟੀਆਂ ਸ਼ਾਮਲ ਹਨ।
ਦੱਸ ਦੇਈਏ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਇਸ ਖੇਤਰ ਨੂੰ ‘ਆਜ਼ਾਦ ਕਸ਼ਮੀਰ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਸਾਬਕਾ ਪ੍ਰਧਾਨ ਮੰਤਰੀ ਸਰਦਾਰ ਤਨਵੀਰ ਇਲਿਆਸ ਖਾਨ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਨਿਆਂਪਾਲਿਕਾ ਉਨ੍ਹਾਂ ਦੀ ਸਰਕਾਰ ਦੇ ਕੰਮਕਾਜ ਨੂੰ ਪ੍ਰਭਾਵਿਤ ਕਰ ਰਹੀ ਹੈ।
ਸਿੱਖਿਆ ਖੇਤਰ ਵਿਚ ਇੱਕ ਪ੍ਰਾਜੈਕਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਸ ਲਈ ਲਟਕਿਆ ਪਿਆ ਹੈ ਕਿਉਂਕਿ ਅਦਾਲਤ ਨੇ ਇਸ ‘ਤੇ ਸਟੇਅ ਆਰਡਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਤੰਬਾਕੂ ਫੈਕਟਰੀਆਂ ਦੀ ਸੀਲ ਹਟਾਉਣ ‘ਤੇ ਵੀ ਸਖ਼ਤ ਇਤਰਾਜ਼ ਕੀਤਾ। ਇਸ ਤੋਂ ਬਾਅਦ ਨਿਆਂਪਾਲਿਕਾ ਦੀ ਤਰਫੋਂ ਕਿਹਾ ਗਿਆ ਕਿ ਪੀ.ਐੱਮ. ਤਨਵੀਰ ਇਲਿਆਸ ਨੇ ਹਾਈ ਕੋਰਟ ਨੂੰ ਸਿੱਧੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ, ਉਸਦੀ ਭਾਸ਼ਾ ਬਹੁਤ ਅਪਮਾਨਜਨਕ, ਅਣਉਚਿਤ ਅਤੇ ਅਸ਼ਲੀਲ ਹੈ। ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਉਸ ਨੇ ਅਜਿਹਾ ਬਿਆਨ ਦਿੱਤਾ ਹੈ।