-ਓਲੰਪਿਕਸ ਵਿਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ
ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਹੀ।
ਮੀਤ ਹੇਅਰ ਨੇਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ, ਜਦੋਂਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿਚ ਹੋਰ ਵੀ ਵੱਡੀ ਗਿਣਤੀ ਵਿਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿਚ ਦੇਸ਼ ਦਾ ਮੋਢੀ ਸੂਬਾ ਬਣੇਗਾ।
ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ, ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।