ਅੰਮ੍ਰਿਤਸਰ, 27 ਫਰਵਰੀ (ਪੰਜਾਬ ਮੇਲ)- ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ‘ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸ਼੍ਰੀ ਬਾਦਲ ਨੂੰ ਦਿੱਤਾ ਗਿਆ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲਿਆ ਜਾਵੇ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿਖੇ ਪੱਤਰ ਵਿਚ ਭਾਜਪਾ ਆਗੂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਮਦਦ ਦੇਣ ਦੇ ਗੰਭੀਰ ਦੋਸ਼ ਸਾਹਮਣੇ ਆਉਣ ਨਾਲ ਸ਼੍ਰੀ ਬਾਦਲ ਨੇ ਪੰਥ ਦਾ ਵਿਸ਼ਵਾਸ ਗੁਆ ਲਿਆ ਹੈ। ਇਸ ਲਈ ਉਹ ‘ਫ਼ਖ਼ਰ-ਏ-ਕੌਮ’ ਕਹਾਉਣ ਦਾ ਹੁਣ ਕੋਈ ਹੱਕ ਨਹੀਂ ਰੱਖਦੇ, ਉਨ੍ਹਾਂ ਨੂੰ ਇਹ ਸਨਮਾਨ ਤੁਰੰਤ ਵਾਪਸ ਕਰ ਦੇਣਾ ਚਾਹੀਦਾ ਹੈ।