ਪ੍ਰਵਾਸੀ ਭਾਰਤੀਆਂ ਵੱਲੋਂ ਸਾਰੇ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦਾ ਐਲਾਨ

60

ਮੂਲ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਤੌਰ ‘ਤੇ ਮਾਨਤਾ ਦੇਣ ਦਾ ਕੀਤਾ ਫੈਸਲਾ
ਪਾਲ ਸਿੰਘ ਪੁਰੇਵਾਲ ਦੀ ਯਾਦ ਵਿਚ ਕੀਤਾ ਗਿਆ ਸ਼ਰਧਾਂਜਲੀ ਸਮਾਗਮ
ਇੰਡੀਅਨਐਪਲਸ, 7 ਦਸੰਬਰ (ਪੰਜਾਬ ਮੇਲ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਇੰਡੀਅਨਐਪਲਸ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਸ. ਪਾਲ ਸਿੰਘ ਪੁਰੇਵਾਲ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜੈਕਾਰਿਆਂ ਦੀ ਗੂੰਜ ਨਾਲ ਅੱਗੇ ਤੋਂ ਸਾਰੇ ਗੁਰਪੁਰਬ ਅਤੇ ਇਤਿਹਾਸਿਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦਾ ਐਲਾਨ ਕੀਤਾ ਗਿਆ।
ਲਗਾਤਾਰ ਪੰਜ ਘੰਟੇ ਚਲੇ ਉਕਤ ਸਮਾਗਮ ‘ਚ ਮੁੱਖ ਬੁਲਾਰਿਆਂ ਦੇ ਤੌਰ ‘ਤੇ ਪੁੱਜੇ ਅਰਵਿਨਪ੍ਰੀਤ ਸਿੰਘ ਸ਼ਿਕਾਗੋ, ਬੀਬੀ ਜਸਵੀਰ ਕੌਰ, ਵਰਿੰਦਰ ਸਿੰਘ ਗੋਲਡੀ, ਕੁਲਦੀਪ ਸਿੰਘ ਸ਼ੇਰੇ ਪੰਜਾਬ, ਸਰਵਜੀਤ ਸਿੰਘ ਸੈਕਰਾਮੈਂਟੋ ਨੇ ਅਪਣੇ ਸੰਬੋਧਨ ਦੌਰਾਨ ਮੂਲ ਨਾਨਕਸ਼ਾਹੀ ਕੈਲੰਡਰ ਅਤੇ ਸਰਦਾਰ ਪੁਰੇਵਾਲ ਦੀ ਘਾਲਣਾ ਸਬੰਧੀ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਵਿਸ਼ੇਸ਼ ਬੁਲਾਰੇ ਵਜੋਂ ਵਰਲਡ ਸਿੱਖ ਫ਼ੈਡਰੇਸ਼ਨ ਵਲੋਂ ਸੁਖਦੇਵ ਸਿੰਘ ਅਤੇ ਜਗਮੋਹਨ ਸਿੰਘ ਟੁੱਟ ਨੇ ਆਪਣੇ ਵਿਚਾਰਾਂ ਰਾਹੀਂ ਜਿਥੇ ਸ. ਪੁਰੇਵਾਲ ਨੂੰ ਸ਼ਰਧਾਂਜਲੀ ਭੇਂਟ ਕੀਤੀ, ਉਥੇ ਦਾਅਵਾ ਕੀਤਾ ਕਿ ਮੀਡੀਏ ਦਾ ਪੰਥਕ ਸੋਚ ਰੱਖਣ ਵਾਲਾ ਹਿੱਸਾ ਅਤੇ ਅਨੇਕਾਂ ਪੰਥਦਰਦੀਆਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ 2003 ਤੋਂ ਹੀ ਅਪਣਾਇਆ ਹੋਇਆ ਹੈ, ਅਰਥਾਤ ਉਹ ਹਰ ਗੁਰਪੁਰਬ ਅਤੇ ਇਤਿਹਾਸਕ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਂਦੇ ਹਨ। ਅਮਰੀਕਾ ਦੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਨੇ ਉਕਤ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਕੀਤੀ।
ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਦੁਨੀਆਂ ਦੇ ਕੋਨੇ-ਕੋਨੇ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ, ਵਿਦਵਾਨਾਂ ਅਤੇ ਪੰਥਦਰਦੀਆਂ ਵਲੋਂ ਆਨਲਾਈਨ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸੰਗਤਾਂ ਦੇ ਇਕੱਠ ਨੇ ਸ. ਪੂਰੇਵਾਲ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਵਲੋਂ ਕੀਤੇ ਗਏ ਅਹਿਮ ਕੌਮੀ ਕਾਰਜ ਅਰਥਾਤ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਤੌਰ ‘ਤੇ ਮਾਨਤਾ ਦੇਣ ਦਾ ਮਤਾ ਪਾਸ ਕਰਦਿਆਂ ਐਲਾਨ ਕੀਤਾ ਕਿ ਅੱਗੇ ਤੋਂ ਸਾਰੇ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਏ ਜਾਣਗੇ। ਮੂਲ ਨਾਨਕਸ਼ਾਹੀ ਕੈਲੰਡਰ ‘ਤੇ ਪਹਿਰਾ ਦੇਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ ਅਤੇ ਪੰਥਦਰਦੀਆਂ ਦਾ ਧੰਨਵਾਦ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਦੀਪ ਸਿੰਘ ਵਿਰਦੀ, ਸਟੇਜ ਸੰਚਾਲਕ ਅਵਤਾਰ ਸਿੰਘ ਬਾਸੀ ਅਤੇ ਮਨਜੀਤ ਸਿੰਘ ਪੁਰੇਵਾਲ ਨੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਅਜੇ ਤੱਕ ਇਤਿਹਾਸਕ ਦਿਹਾੜੇ ਨਾ ਮਨਾਉਣ ਵਾਲੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿਚ ਨਵੇਂ ਸਾਲ ਭਾਵ ਇਕ ਚੇਤ (14 ਮਾਰਚ) ਤੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜ਼ਰੂਰ ਲਾਗੂ ਕਰਨ ਅਤੇ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਏ ਜਾਣ।