ਪ੍ਰਸ਼ਾਂਤ ਕਿਸ਼ੋਰ ਦੀ ਕੈਪਟਨ ਦੇ ਸਲਾਹਕਾਰ ਵਜੋਂ ਨਿਯੁਕਤੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

41
Share

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਵਜੋਂ ਨਿਯੁਕਤੀ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਮਗਰੋਂ ਪਟੀਸ਼ਨਰਾਂ ਨੇ ਹੁਣ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਲਾਭ ਸਿੰਘ ਤੇ ਸੇਵਾ ਮੁਕਤ ਮੁੱਕੇਬਾਜ਼ੀ ਕੋਚ ਸਤਿੰਦਰ ਸਿੰਘ ਵੱਲੋਂ ਦਾਇਰ ਪਟੀਸ਼ਨਾਂ ਦੀ ਨੁਮਾਇੰਦਗੀ ਕਰਦਿਆਂ ਐਡਵੋਕੇਟ ਬਲਤੇਜ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਚੋਣ ਕੰਪੇਨ ਵਿਉਂਤਣ ਦਾ ਮਾਹਿਰ ਹੈ ਤੇ ਉਹ ਵੱਖ-ਵੱਖ ਰਾਜਾਂ ਵਿਚ ਪਾਰਟੀਆਂ ਦੀ ਮਦਦ ਕਰਦਾ ਹੈ। ਸਿੱਧੂ ਨੇ ਕਿਹਾ ਕਿ ਕਿਸ਼ੋਰ ਨੂੰ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਕੈਬਨਿਟ ਮੰਤਰੀ ਦਾ ਰੁਤਬਾ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ’ਚੋਂ ਟੈਕਸਾਂ ਦੇ ਰੂਪ ਵਿਚ ਕੀਤੀ ਜਾਂਦੀ ਉਗਰਾਹੀ ਦੇ ਸਿਰ ਉੱਤੇ ਦਿੱਤਾ ਗਿਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਪਟੀਸ਼ਨ ਦੇ ਆਧਾਰ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗ ਲਿਆ ਹੈ।

Share