ਬਠਿੰਡਾ, 2 ਅਕਤੂਬਰ (ਪੰਜਾਬ ਮੇਲ)- ਫ਼ਿਰੋਜ਼ਪੁਰ ਦੇ ਜ਼ੀਰਾ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧੜਿਆਂ ਵਿਚ ਹੋਈ ਹਿੰਸਕ ਝੜਪ ਦੌਰਾਨ ਇੱਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਇਸ ਘਟਨਾ ਵਿਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਸਮਰਥਕਾਂ ਵਿਚ ਝੜਪ ਹੋ ਗਈ।
ਜਾਣਕਾਰੀ ਅਨੁਸਾਰ ਜ਼ੀਰਾ ਦੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲ ਵਿਚ ਨਾਮਜ਼ਦਗੀ ਫਾਰਮ ਭਰਨ ਦੀ ਪ੍ਰਕਿਰਿਆ ਚੱਲ ਰਹੀ ਸੀ। ਸਰਪੰਚ ਦੇ ਅਹੁਦੇ ਲਈ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਜਾ ਰਹੇ ਸਨ। ਇਸ ਮੌਕੇ ‘ਆਪ’ ਅਤੇ ਕਾਂਗਰਸ ਪਾਰਟੀ ਦੇ ਵਰਕਰ ਵੱਡੀ ਗਿਣਤੀ ‘ਚ ਮੌਜੂਦ ਸਨ। ਇਸ ਦੌਰਾਨ ‘ਆਪ’ ਵਿਧਾਇਕ ਨਰੇਸ਼ ਕਟਾਰੀਆ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਦੋ ਗੁੱਟਾਂ ਵਿਚਕਾਰ ਹਿੰਸਕ ਝੜਪ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਸ਼ੁਰੂ ਹੋ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ ਅਤੇ ਪੁਲਿਸ ਮੂਕ ਦਰਸ਼ਕ ਬਣੀ ਰਹੀ। ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਵੀ ਜ਼ਖ਼ਮੀ ਹੋ ਗਏ। ਜੀਰਾ ਨੇ ਵਿਧਾਇਕ ‘ਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਜੀਰਾ ਨੇ ਦੋਸ਼ ਲਾਇਆ ਕਿ ਹਾਕਮ ਧਿਰ ਦੇ ਲੋਕਾਂ ਨੇ ਉਸ ਨੂੰ ਪੰਚਾਇਤੀ ਚੋਣਾਂ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਸੀ। ਦੱਸਿਆ ਜਾਂਦਾ ਹੈ ਕਿ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ।