– ਸਿਰਫ਼ ਅਤਿ ਜ਼ਰੂਰੀ ਹਾਲਾਤ ਵਿਚ ਹੀ ਮਿਲ ਸਕਦੀ ਹੈ ਛੁੱਟੀ
– ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਬੰਦ;
ਚੰਡੀਗੜ੍ਹ, 9 ਮਈ (ਪੰਜਾਬ ਮੇਲ)-ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਪੰਜਾਬ ਅਤੇ ਰਾਜਸਥਾਨ (ਜੋ ਗੁਆਂਢੀ ਦੇਸ਼ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ) ਪੂਰੀ ਤਰ੍ਹਾਂ ਅਲਰਟ ‘ਤੇ ਹਨ। ਭਾਰਤ ਦਾ ਪੰਜਾਬ ਸੂਬਾ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦਾ ਹੈ, ਜਦਕਿ ਰਾਜਸਥਾਨ ਵਿਚ ਸਾਂਝੀ ਸਰਹੱਦ ਲਗਭਗ 1,070 ਕਿਲੋਮੀਟਰ ਤੱਕ ਫੈਲੀ ਹੋਈ ਹੈ।
ਤਣਾਅ ਵਾਲੇ ਮਾਹੌਲ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਪੁਲਿਸ ਸੂਤਰਾਂ ਨੇ ਕਿਹਾ ਕਿ ਛੁੱਟੀ ਸਿਰਫ਼ ਅਤਿ ਜ਼ਰੂਰੀ ਹਾਲਾਤ ਵਿਚ ਹੀ ਦਿੱਤੀ ਜਾਵੇਗੀ। ਪੁਲਿਸ ਫੋਰਸ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਰੱਖਿਆ ਬਲਾਂ ਦੀ ਸਹਾਇਤਾ ਲਈ ਜ਼ਰੂਰੀ ਹੈ।
ਸੂਤਰਾਂ ਨੇ ਕਿਹਾ ਕਿ ਇਸ ਦੌਰਾਨ ਪੁਲਿਸ ਅਫਵਾਹਾਂ ਫੈਲਾਉਣ, ਜਮ੍ਹਾਖੋਰੀ ‘ਤੇ ਨਜ਼ਰ ਰੱਖੇਗੀ, ਇਸ ਤੋਂ ਇਲਾਵਾ ਕਿਸੇ ਵੀ ਘਟਨਾ ਦੀ ਸਥਿਤੀ ਵਿਚ ਐੱਨ.ਡੀ.ਆਰ.ਐੱਫ. ਦੀ ਮਦਦ ਕਰੇਗੀ ਅਤੇ ਸਰਹੱਦੀ ਜ਼ਿਲ੍ਹਿਆਂ ਵਿਚ ਨਾਗਰਿਕਾਂ ਦੀ ਮਦਦ ਲਈ ਬੀ.ਐੱਸ.ਐੱਫ. ਨਾਲ ਸੰਪਰਕ ਬਣਾਈ ਰੱਖੇਗੀ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਸਕੂਲ ਵੀ ਬੰਦ ਕਰ ਦਿੱਤੇ ਹਨ, ਜਿਨ੍ਹਾਂ ਵਿਚ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਸਾਰੇ ਸਕੂਲ ਸ਼ਾਮਲ ਹਨ।
ਡੀ.ਜੀ.ਪੀ. ਦਫ਼ਤਰ ਵੱਲੋਂ ਜਾਰੀ ਹੁਕਮ ਵਿਚ ਲਿਖਿਆ ਹੈ, ”ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਸਿਰਫ਼ ਵਿਸ਼ੇਸ਼ ਹਾਲਾਤਾਂ ਵਿਚ ਹੀ ਛੁੱਟੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।”
ਉਧਰ ਰਾਜਸਥਾਨ ਵਿਚ ਸਾਵਧਾਨੀ ਦੇ ਤੌਰ ‘ਤੇ ਚਾਰ ਸਰਹੱਦੀ ਜ਼ਿਲ੍ਹਿਆਂ ਸ਼੍ਰੀ ਗੰਗਾਨਗਰ, ਬੀਕਾਨੇਰ, ਜੈਸਲਮੇਰ ਅਤੇ ਬਾੜਮੇਰ ਵਿਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਕਿਸੇ ਵੀ ਐਮਰਜੈਂਸੀ ਸਥਿਤੀ ਲਈ ਤਿਆਰੀਆਂ ਕਰ ਲਈਆਂ ਹਨ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ‘ਅਪਰੇਸ਼ਨ ਸਿੰਦੂਰ’ ਤੋਂ ਬਾਅਦ ਵਧਦੇ ਤਣਾਅ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਮੁੱਖ ਸਕੱਤਰ ਸੁਧਾਂਸ਼ ਪੰਤ ਅਤੇ ਡੀ.ਜੀ.ਪੀ. ਯੂਆਰ ਸਾਹੂ ਨੇ ਡਵੀਜ਼ਨਲ ਕਮਿਸ਼ਨਰਾਂ, ਕੁਲੈਕਟਰਾਂ, ਆਈ.ਜੀ.ਪੀ. ਅਤੇ ਐੱਸ.ਪੀਜ਼ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ, ਜਿਸ ਵਿਚ ਉਨ੍ਹਾਂ ਨੂੰ ਸਬੰਧਤ ਹੈੱਡਕੁਆਰਟਰ ‘ਤੇ ਮੌਜੂਦ ਰਹਿਣ ਦਾ ਨਿਰਦੇਸ਼ ਦਿੱਤਾ ਗਿਆ।
ਪੰਜਾਬ ਅਤੇ ਰਾਜਸਥਾਨ ਹਾਈ ਅਲਰਟ ‘ਤੇ : ਪੁਲਿਸ ਪ੍ਰਸ਼ਾਸਨ ਦੀਆਂ ਛੁੱਟੀਆਂ ਰੱਦ
