ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਦੀ ਸਿਆਸਤ ’ਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ। ਅਸਤੀਫੇ ’ਚ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ।

ਅੱਜ ਨਵੀਂ ਬਣੀ ਕੈਬਨਿਟ ਦੇ ਮੰਤਰੀਆਂ ਨੂੰ ਵੀ ਮਹਿਕਮੇ ਅਲਾਟ ਕਰ ਦਿੱਤੇ ਗਏ ਹਨ ਅਤੇ ਇਸ ਤੋਂ ਕੁੱਝ ਘੰਟਿਆਂ ਬਾਅਦ ਹੀ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਇਹ ਸਾਫ਼ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪੈਦਾ ਹੋਇਆ ਪੰਜਾਬ ਕਾਂਗਰਸ ਵਿਚਲਾ ਕਲੇਸ਼ ਅਜੇ ਤਕ ਚੱਲ ਰਿਹਾ ਹੈ। ਫਿਲਹਾਲ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਕਿਉਂ ਦਿੱਤਾ ਹੈ, ਇਹ ਫਿਲਹਾਲ ਅਜੇ ਤਕ ਸਾਫ ਨਹੀਂ ਹੋ ਸਕਿਆ ਹੈ।