#PUNJAB

ਪੰਜਾਬ ‘ਚ ਇਕ ਦਸੰਬਰ ਤੋਂ ਸ਼ੁਰੂ ਹੋਵੇਗੀ ਐੱਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ

ਚੰਡੀਗੜ੍ਹ, 28 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐੱਨ.ਓ.ਸੀ. ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿਚ ਪਹਿਲੀ ਦਸੰਬਰ ਤੋਂ 28 ਫਰਵਰੀ 2025 ਤੱਕ ਲੋਕ ਬਿਨਾਂ ਐੱਨ.ਓ.ਸੀ. ਤੋਂ ਪਲਾਟਾਂ ਦੀਆਂ ਰਜਿਸਟਰੀਆਂ ਕਰਵਾ ਸਕਦੇ ਹਨ।
ਇਸ ਸਬੰਧੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਸਾਰੇ ਡਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਬਿਨਾਂ ਐੱਨ.ਓ.ਸੀ. ਤੋਂ ਪਲਾਟਾਂ ਦੀਆਂ ਰਜਿਸਟਰੀਆਂ ਸਬੰਧੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੀ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।