ਪੰਜਾਬ ’ਚ ਕਰੋਨਾਵਾਇਰਸ ਦੇ ਮੁੜ ਪੈਰ ਪਸਾਰਨ ਦੇ ਮੱਦੇਨਜ਼ਰ ਨਵੀਆਂ ਪਾਬੰਦੀਆਂ ਜਾਰੀ

128
Novel coronavirus concept. Professional doctor or lab technician testing vibe of novel (new) corona virus in lab, identified in Wuhan, Hubei Province, China, medical and healthcare.
Share

-ਸਰਕਾਰ ਵੱਲੋਂ ਪਹਿਲੀ ਮਾਰਚ ਤੋਂ ਇਕੱਠਾਂ ’ਤੇ ਰੋਕ
ਕਰੋਨਾ ਦੇ ਮਾਮਲੇ ਵਧਣ ਦੀ ਸੂਰਤ ’ਚ ਰਾਤ ਦਾ ਕਰਫਿਊ ਲਾਉਣ ਦੇ ਅਧਿਕਾਰ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ
ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਪੰਜਾਬ ਚ ਕੋਰੋਨਾਵਾਇਰਸ ਦੇ ਮੁੜ ਪੈਰ ਪਸਾਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਨਵੀਆਂ ਪਾਬੰਦੀਆਂ ਜਾਰੀ ਕੀਤੀਆਂ ਹਨ। ਸਰਕਾਰ ਨੇ ਅੱਜ ਅੰਦਰੂਨੀ ਅਤੇ ਬਾਹਰੀ ਇਕੱਠਾਂ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਜੋ ਪਹਿਲੀ ਮਾਰਚ ਤੋਂ ਲਾਗੂ ਹੋਣਗੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੱਤੇ ਹਨ ਕਿ ਕਰੋਨਾ ਦੇ ਮਾਮਲੇ ਵਧਣ ਦੀ ਸੂਰਤ ’ਚ ਜੇ ਲੋੜ ਪਈ, ਤਾਂ ਉਹ ਆਪਣੇ ਜ਼ਿਲ੍ਹਿਆਂ ਵਿਚ ਰਾਤ ਦਾ ਕਰਫਿਊ ਲਾਉਣ। ਇੱਕ ਅਧਿਕਾਰੀ ਨੇ ਬਿਆਨ ਵਿਚ ਦੱਸਿਆ ਕਿ ਕਰੋਨਾ ਦੀ ਸਥਿਤੀ ਸਬੰਧੀ ਵਰਚੂਅਲ ਮੁਲਾਂਕਣ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਮਾਰਚ ਤੋਂ ਅੰਦਰੂਨੀ ਅਤੇ ਬਾਹਰੀ ਪ੍ਰੋਗਰਾਮਾਂ ਸਬੰਧੀ ਇਕੱਠ ਕ੍ਰਮਵਾਰ 100 ਤੇ 200 ਲੋਕਾਂ ਤੱਕ ਸੀਮਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੂਬੇ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮਾਈਕਰੋ-ਕੰਟੇਨਮੈਂਟ ਰਣਨੀਤੀ ਅਪਣਾਉਣ ਅਤੇ ਕੋਵਿਡ-19 ਹੌਟਸਪੌਟ ਵਾਲੇ ਖੇਤਰਾਂ ਵਿਚ ਲੋੜ ਪੈਣ ’ਤੇ ਰਾਤ ਦਾ ਕਰਫਿਊ ਲਾਉਣ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਪੁਲਿਸ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਨੂੰ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਹਾਲਾਂ ਵਿਚ ਦਰਸ਼ਕਾਂ ਦੀ ਗਿਣਤੀ ਘਟਾਉਣ ਸਬੰਧੀ ਫ਼ੈਸਲਾ ਪਹਿਲੀ ਮਾਰਚ ਤੋਂ ਬਾਅਦ ਲਿਆ ਜਾਵੇਗਾ। ਕੇਂਦਰ ਸਰਕਾਰ ਨੇ ਪੰਜਾਬ, ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਨੂੰ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਥਿਤੀ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਟੈਸਟ ਵਧਾਉਣ ਲਈ ਕਿਹਾ ਹੈ।

Share