#PUNJAB

ਪੰਜਾਬ ‘ਚ ਚੋਣਾਂ ਦਾ ਬਿਗੁਲ ਵੱਜਿਆ

-13 ਨਵੰਬਰ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭੱਖਣਾ ਸ਼ੁਰੂ ਹੋ ਗਿਆ ਹੈ। ਵੱਖ-ਵੱਖ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਆਮ ਆਦਮੀ ਪਾਰਟੀ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
ਇਸੇ ਤਰ੍ਹਾਂ ਬਰਨਾਲਾ ਤੋਂ ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜਦਕਿ ਕਾਂਗਰਸ ਵੱਲੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਨਾਮਜ਼ਦ ਕੀਤਾ ਹੈ। ਆਮ ਆਦਮੀ ਪਾਰਟੀ ਨੇ ਹਰਿੰਦਰ ਸਿੰਘ ਧਾਲੀਵਾਲ ‘ਤੇ ਦਾਅ ਖੇਡਿਆ ਹੈ, ਜਦਕਿ ਅਕਾਲੀ ਦਲ (ਅੰਮ੍ਰਿਤਸਰ) ਨੇ ਗੋਵਿੰਦਰ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਭਾਜਪਾ ਨੇ ਰਵੀ ਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਕਾਂਗਰਸ ਨੇ ਜਤਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਹੈ।
ਰਾਖਵਾਂ ਹਲਕਾ ਚੱਬੇਵਾਲ ਤੋਂ ਇਨ੍ਹਾਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਰਣਜੀਤ ਕੁਮਾਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜਦਕਿ ਆਮ ਆਦਮੀ ਪਾਰਟੀ ਨੇ ਇਸ਼ਾਨ ਚੱਬੇਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਹਾਲੇ ਬਾਕੀ ਹੈ। ਬਾਕੀ ਪਾਰਟੀਆਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਤੇ ਜਲਦ ਹੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਜਾਣਗੇ।
ਇਸ ਵਾਰ ਭਾਜਪਾ ਨੇ ਸਿੱਖ ਚਿਹਰਿਆਂ ‘ਤੇ ਆਪਣਾ ਪੱਤਾ ਖੇਡਿਆ ਹੈ। ਸ਼੍ਰੋਮਣੀ ਅਕਾਲੀ ਦਲ (ਬ) ‘ਚ ਆਪਸੀ ਪਾਟੋ-ਧਾੜ ਕਾਰਨ ਇਨ੍ਹਾਂ ਸਿੱਖ ਆਗੂਆਂ ਦੀ ਭੂਮਿਕਾ ਅਹਿਮ ਰਹਿਣ ਦੀ ਉਮੀਦ ਹੈ। ਭਾਜਪਾ ਨੇ ਇਨ੍ਹਾਂ ਸਿੱਖ ਚਿਹਰਿਆਂ ਦੀ ਸੂਚੀ ਜਾਰੀ ਕਰਕੇ ਫਿਲਹਾਲ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਹੈਰਾਨ ਕਰ ਦਿੱਤੇ ਹਨ। ਇਹ ਉਮੀਦਵਾਰ ਭਾਵੇਂ ਦੂਜੀਆਂ ਪਾਰਟੀਆਂ ਛੱਡ ਕੇ ਆਏ ਹਨ, ਪਰ ਇਨ੍ਹਾਂ ਦਾ ਆਪੋ-ਆਪਣੇ ਹਲਕਿਆਂ ਵਿਚ ਅਹਿਮ ਅਸਰ-ਰਸੂਖ ਹੈ।
ਉਧਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਉਮੀਦਵਾਰ ਐਲਾਨੀ ਗਈ ਜਤਿੰਦਰ ਕੌਰ ਰੰਧਾਵਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ਹੈ। ਇਹ ਚੋਣਾਂ ਵੱਖ-ਵੱਖ ਪਾਰਟੀਆਂ ਦੇ ਵਕਾਰ ਦਾ ਸਵਾਲ ਬਣ ਗਈਆਂ ਹਨ।