#PUNJAB

ਪੰਜਾਬ ‘ਚ ਦਿਨੋਂ-ਦਿਨ ਵਧਦੇ ਤਾਪਮਾਨ ਕਾਰਨ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ

-ਲੋਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
ਖਮਾਣੋਂ, 8 ਅਪ੍ਰੈਲ (ਪੰਜਾਬ ਮੇਲ)- ਸੂਬੇ ਅੰਦਰ ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋਂ-ਦਿਨ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ ਇਸ ਦੇ ਹੋਰ ਵੱਧਣ ਦੀ ਸੰਭਾਵਨਾ ਹੈ ਅਤੇ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਲਈ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਕੁੱਝ ਸਾਵਧਾਨੀਆਂ ਵਰਤ ਕੇ ਗਰਮੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿਚ ਨਾ ਨਿਕਲਿਆ ਜਾਵੇ। ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ, ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸਥਿਰਤਾ ਦੇ ਨਾਲ ਬਦਲਿਆ ਮਾਨਸਿਕ ਸੰਤੁਲਨ, ਗੱਲ ਸਮਝਣ ਵਿਚ ਮੁਸ਼ਕਿਲ, ਚਿੜਚਿੜਾਪਣ, ਅਟੈਕਸੀਆ, ਜ਼ੁਬਾਨ ਦਾ ਲੜਖੜਾਉਣਾ, ਤੋਰ ਦਾ ਲੜਖੜਾਉਣਾ, ਦੌਰਾ ਪੈਣਾ, ਗਰਮ ਲਾਲ ਅਤੇ ਖ਼ੁਸ਼ਕ ਚਮੜੀ ਦਾ ਹੋਣਾ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਣ, ਬਹੁਤ ਤੇਜ਼ ਸਿਰਦਰਦ, ਚੱਕਰ, ਬੇਹੋਸ਼ੀ ਅਤੇ ਮਾਸਪੇਸ਼ੀਆਂ ਦੀ ਕਮਜ਼ੋਰੀ, ਕੜਵਲ ਪੈਣੇ ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰ ਦੀ ਸਲਾਹ ਲਓ।