ਸੁਰੱਖਿਆ ਏਜੰਸੀਆਂ ਨੇ ਪਾਕਿ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲ ਟਿਕਾਈਆਂ ਨਜ਼ਰਾਂ!
ਜਲੰਧਰ/ਚੰਡੀਗੜ੍ਹ, 9 ਮਈ (ਪੰਜਾਬ ਮੇਲ) – ਪੰਜਾਬ ਦੇ ਜਲੰਧਰ, ਅੰਮ੍ਰਿਤਸਰ ਅਤੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਹੋਏ ਦੋਹਰੇ ਧਮਾਕਿਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਕਥਿਤ ਖਾਲਿਸਤਾਨੀ ਸੰਗਠਨ ‘ਖਾਲਿਸਤਾਨ ਲਿਬਰੇਸ਼ਨ ਆਰਮੀ’ ਨੇ ਲਈ ਸੀ ਪਰ ਸੁਰੱਖਿਆ ਏਜੰਸੀਆਂ ਇਸ ਸਮੇਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ‘ਤੇ ਨਜ਼ਰਾਂ ਟਿਕਾਈ ਬੈਠੀਆਂ ਹਨ। ਉਪਰੋਕਤ ਧਮਾਕਿਆਂ ਅਤੇ ਗੁਰਦਾਸਪੁਰ ਗ੍ਰੇਨੇਡ ਹਮਲੇ ਦੀਆਂ ਘਟਨਾਵਾਂ ਨੂੰ ਜੋੜ ਕੇ ਜਾਂਚ ਏਜੰਸੀਆਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਅਤੇ ਉਸ ਦੇ ਕਥਿਤ ਸਹਿਯੋਗੀ ਸ਼ਹਿਜ਼ਾਦ ਭੱਟੀ ਦੀ ਭੂਮਿਕਾ ਦੀ ਜਾਂਚ ਕਰ ਰਹੀਆਂ ਹਨ।
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦੋਵਾਂ ਧਮਾਕਿਆਂ ਦੀ ਜਾਂਚ ਆਪਣੇ ਹੱਥ ਵਿਚ ਲੈਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਧਮਾਕੇ ਵਾਲੀਆਂ ਥਾਵਾਂ ਤੋਂ ਨਮੂਨੇ ਇਕੱਠੇ ਕੀਤੇ ਗਏ ਹਨ। ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਇਨ੍ਹਾਂ ਘਟਨਾਵਾਂ ਦੇ ਪਿੱਛੇ ਪਾਕਿਸਤਾਨ ਦੀ ਆਈ.ਐੱਸ.ਆਈ. ਅਤੇ ਉਸ ਦੇ ਕਥਿਤ ਪ੍ਰੌਕਸੀ ਸ਼ਹਿਜ਼ਾਦ ਭੱਟੀ ਦੀ ਭੂਮਿਕਾ ਨੂੰ ਗੰਭੀਰਤਾ ਨਾਲ ਦੇਖ ਰਹੀਆਂ ਹਨ। ਜਾਂਚ ਏਜੰਸੀਆਂ ਅਨੁਸਾਰ ਸ਼ਹਿਜ਼ਾਦ ਭੱਟੀ ਕਈ ਸਾਲਾਂ ਤੋਂ ਐੱਨ.ਆਈ.ਏ. ਅਤੇ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਰਾਡਾਰ ‘ਤੇ ਹੈ। ਉਸ ‘ਤੇ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਦੀ ਭਰਤੀ ਕਰਕੇ ਭਾਰਤ ਵਿਚ ਅੱਤਵਾਦੀ ਨੈੱਟਵਰਕ ਤਿਆਰ ਕਰਨ ਅਤੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਚਲਾਉਣ ਦੇ ਦੋਸ਼ ਹਨ। ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕੱਲ੍ਹ ਕਿਹਾ ਸੀ ਕਿ ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਦੇ ਪਿੱਛੇ ਆਈ.ਐੱਸ.ਆਈ. ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਕ ਸੀਨੀਅਰ ਅਧਿਕਾਰੀ ਅਨੁਸਾਰ ਸ਼ਹਿਜ਼ਾਦ ਭੱਟੀ ਪਾਕਿਸਤਾਨ ਵਿਚ ਬੈਠ ਕੇ ਆਈ.ਐੱਸ.ਆਈ. ਦੇ ਇਸ਼ਾਰੇ ‘ਤੇ ਭਾਰਤ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸਿਆ ਗਿਆ ਕਿ ਜਾਂਚ ਵਿਚ ਸਾਹਮਣੇ ਆਇਆ ਕਿ ਪ੍ਰਦੀਪ ਸਿੰਘ ਖਾਲਸਾ ਮਲੇਸ਼ੀਆ ਸਥਿਤ ਖਾਲਿਸਤਾਨ ਸਮਰਥਕ ਅੰਸ਼ਾਂ ਅਤੇ ਪਾਕਿਸਤਾਨ ਆਧਾਰਿਤ ਹਥਿਆਰ ਸਮੱਗਲਰਾਂ ਦੇ ਸੰਪਰਕ ਵਿਚ ਸੀ। ਉਸ ‘ਤੇ ਨੌਜਵਾਨਾਂ ਨੂੰ ਵਿਦੇਸ਼ ਭੇਜ ਕੇ ਕਥਿਤ ਅੱਤਵਾਦੀ ਸਿਖਲਾਈ ਦਿਵਾਉਣ ਅਤੇ ਬਾਅਦ ਵਿਚ ਉਨ੍ਹਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਣ ਦਾ ਦੋਸ਼ ਹੈ। ਗੁਰਦਾਸਪੁਰ ਸਿਟੀ ਪੁਲਿਸ ਥਾਣੇ ‘ਤੇ ਹੋਏ ਗ੍ਰੇਨੇਡ ਹਮਲੇ ‘ਚ ਵੀ ਇਸੇ ਨੈੱਟਵਰਕ ਦੀ ਭੂਮਿਕਾ ਸਾਹਮਣੇ ਆਈ ਸੀ। ਇਸੇ ਸਾਲ ਅਪ੍ਰੈਲ ਵਿਚ ਐੱਨ.ਆਈ.ਏ. ਨੇ ਜਲੰਧਰ ‘ਚ ਯੂਟਿਊਬਰ ਰੋਜ਼ਰ ਸੰਧੂ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿਚ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਸਮੇਤ ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ।
ਗ੍ਰਹਿ ਮੰਤਰਾਲੇ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਸੂਚੀ ਵਿਚ ਖਾਲਿਸਤਾਨ ਲਿਬਰੇਸ਼ਨ ਆਰਮੀ ਦਾ ਨਾਂ ਸ਼ਾਮਲ ਨਹੀਂ
ਗ੍ਰਹਿ ਮੰਤਰਾਲੇ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਸੂਚੀ ਵਿਚ ‘ਖਾਲਿਸਤਾਨ ਲਿਬਰੇਸ਼ਨ ਆਰਮੀ’ ਦਾ ਨਾਂ ਸ਼ਾਮਲ ਨਹੀਂ ਹੈ। ਇਸ ਦੇ ਬਾਵਜੂਦ ਜਾਂਚ ਏਜੰਸੀਆਂ ਇਸ ਨਾਂ ਨਾਲ ਸਰਗਰਮ ਨੈੱਟਵਰਕ ਦੀ ਅਸਲੀਅਤ ਅਤੇ ਉਸ ਦੇ ਪਿੱਛੇ ਮੌਜੂਦ ਵਿਅਕਤੀਆਂ ਦੀ ਜਾਂਚ ਕਰ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਸੀ। 27 ਅਪ੍ਰੈਲ 2026 ਨੂੰ ਰਾਜਪੁਰਾ-ਸ਼ੰਭੂ ਸੈਕਸ਼ਨ ਦੇ ਬਠੋਨੀਆ ਪਿੰਡ ਨੇੜੇ ਰੇਲਵੇ ਟ੍ਰੈਕ ‘ਤੇ ਆਈ.ਈ.ਡੀ. ਲਗਾਉਣ ਦੀ ਕੋਸ਼ਿਸ਼ ਦੌਰਾਨ ਇਕ ਸ਼ੱਕੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਇਕ ਕਥਿਤ ਖਾਲਿਸਤਾਨੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ ਬੱਗਾ, ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਗ੍ਰਿਫਤਾਰ ਕੀਤਾ ਸੀ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਅਪ੍ਰੈਲ ਤੋਂ ਪੰਜਾਬ ‘ਚ ਲਗਾਤਾਰ ਘੱਟ ਤੀਬਰਤਾ ਵਾਲੇ ਧਮਾਕਿਆਂ ਅਤੇ ਹਮਲਿਆਂ ਰਾਹੀਂ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ‘ਚ ਦੋਹਰੇ ਧਮਾਕਿਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾਈ

