#PUNJAB

ਪੰਜਾਬ ‘ਚ ਬੈਲੇਟ ਪੇਪਰ ਨਾਲ ਹੀ ਹੋਣਗੀਆਂ ਨਗਰ ਨਿਗਮ ਅਤੇ ਕੌਂਸਲ ਚੋਣਾਂ

-ਹਾਈ ਕੋਰਟ ਵੱਲੋਂ ਚੋਣ ਪ੍ਰਕਿਰਿਆ ‘ਚ ਦਖ਼ਲ ਦੇਣ ਤੋਂ ਇਨਕਾਰ
ਚੰਡੀਗੜ੍ਹ, 23 ਮਈ (ਪੰਜਾਬ ਮੇਲ)- ਪੰਜਾਬ ‘ਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਹੁਣ ਬੈਲੇਟ ਪੇਪਰ ਨਾਲ ਹੀ ਹੋਣਗੀਆਂ। ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਪਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਨਿਗਮ ਤੇ ਕੌਂਸਲ ਚੋਣਾਂ ਬੈਲਟ ਪੇਪਰ ਨਾਲ ਕਰਵਾਏ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਨਿਗਮ ਚੋਣਾਂ ਦੇ ਇਸ ਪੜਾਅ ‘ਤੇ ਚੋਣ ਪ੍ਰਕਿਰਿਆ ‘ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ ਚੋਣ ਪ੍ਰਕਿਰਿਆ ਹੁਣ ਆਖ਼ਰੀ ਪੜਾਅ ‘ਤੇ ਹੈ ਅਤੇ ਇਸ ਪੜਾਅ ‘ਤੇ ਦਖ਼ਲ ਨਹੀਂ ਦਿੱਤਾ ਜਾ ਸਕਦਾ। ਉੱਚ ਅਦਾਲਤ ਨੇ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਪਰ ਪਟੀਸ਼ਨਰਾਂ ਨੂੰ ਚੋਣਾਂ ਤੋਂ ਬਾਅਦ ਚੋਣ ਪਟੀਸ਼ਨ ਰਾਹੀਂ ਚੋਣ ਪ੍ਰਕਿਰਿਆ ਨੂੰ ਚੁਣੌਤੀ ਦੇਣ ਦੀ ਖੁੱਲ੍ਹ ਦਿੱਤੀ ਹੈ।
ਚੇਤੇ ਰਹੇ ਕਿ ਪੰਜਾਬ ਵਿਚ 26 ਮਈ ਨੂੰ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਾਂ ਪੈਣਗੀਆਂ। ਕੁੱਝ ਦਿਨ ਪਹਿਲਾਂ ਵਿਰੋਧੀ ਧਿਰਾਂ ਨੇ ਰਾਜ ਚੋਣ ਕਮਿਸ਼ਨ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਇਹ ਚੋਣਾਂ ਈ.ਵੀ.ਐੱਮ. ਮਸ਼ੀਨਾਂ ਨਾਲ ਕਰਵਾਈਆਂ ਜਾਣ। ਤਿੰਨ ਪਟੀਸ਼ਨਾਂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇਹ ਚੋਣਾਂ ਬੈਲੇਟ ਪੇਪਰ ਨਾਲ ਕਰਵਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।