#PUNJAB

ਪੰਜਾਬ ‘ਚ ਮੌਜੂਦਾ ਤੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਵਿਰੁੱਧ 90 ਅਪਰਾਧਿਕ ਕੇਸਾਂ ਦੀ ਸੁਣਵਾਈ ਪੈਂਡਿੰਗ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)-ਪੰਜਾਬ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਪੰਜਾਬ ਭਰ ਦੀਆਂ ਅਦਾਲਤਾਂ ‘ਚ 90 ਅਪਰਾਧਿਕ ਕੇਸਾਂ ਦੀ ਸੁਣਵਾਈ ਪੈਂਡਿੰਗ ਹੈ। ਕੁੱਲ ਮਿਲਾ ਕੇ, ਸਰਕਾਰ ਨੇ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ/ਵਿਧਾਇਕਾਂ ਵਿਰੁੱਧ ਜਾਂਚ ਅਧੀਨ 12 ਕੇਸਾਂ ਦੇ ਵੇਰਵੇ ਹਾਈਕੋਰਟ ਦੇ ਸਾਹਮਣੇ ਰੱਖੇ ਹਨ। ਹੋਰ ਗੱਲਾਂ ਦੇ ਨਾਲ-ਨਾਲ ਹਾਈਕੋਰਟ ਨੂੰ ਇਹ ਵੀ ਦੱਸਿਆ ਗਿਆ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੇਸ ਦੀ ਜਾਂਚ ਚੱਲ ਰਹੀ ਹੈ। ਇਹ ਮਾਮਲਾ ਨਸ਼ਿਆਂ ਦੇ ਮੁੱਦੇ ਨਾਲ ਸੰਬੰਧਿਤ ਹੈ ਅਤੇ ਇਕ ਵਿਸ਼ੇਸ਼ ਜਾਂਚ ਟੀਮ ਦੁਆਰਾ ਜਾਂਚ ਕੀਤੀ ਜਾ ਰਹੀ ਹੈ।
ਪੈਂਡਿੰਗ ਤਫ਼ਤੀਸ਼ ਦੇ ਨਾਲ ਹੋਰ ਮਾਮਲਿਆਂ ਦੇ ਵੇਰਵੇ ਦਿੰਦੇ ਹੋਏ ਹਲਫ਼ਨਾਮੇ ਵਿਚ ਕਿਹਾ ਗਿਆ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਸਿਟ ਦੁਆਰਾ 173 ਸੀ.ਆਰ.ਪੀ.ਸੀ. ਤਹਿਤ ਪਹਿਲਾ ਚਲਾਨ ਪੇਸ਼ ਕੀਤਾ ਗਿਆ ਹੈ। ਹੋਰ ਜਾਂਚ ਅਜੇ ਵੀ ਕੀਤੀ ਜਾ ਰਹੀ ਹੈ। ਹਲਫ਼ਨਾਮੇ ਵਿਚ ਹੋਰ ਮਾਮਲਿਆਂ ਦੇ ਨਾਲ-ਨਾਲ ਸਾਬਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦੋ ਐੱਫ.ਆਈ.ਆਰਜ਼. ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਲਫ਼ਨਾਮੇ ਵਿਚ ਅੱਗੇ ਕਿਹਾ ਗਿਆ ਹੈ ਕਿ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ ਅਤੇ ਬਾਕੀ 12 ਅਪਰਾਧਿਕ ਮਾਮਲਿਆਂ ਦੀ ਜਾਂਚ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਸੰਬੰਧਿਤਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

Leave a comment