#PUNJAB

ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ‘ਆਪ’ ਤੇ ਕਾਗਰਸ ਦਰਮਿਆਨ ਸ਼ਬਦੀ ਜੰਗ ਭਖੀ

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)-ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਹੁਣ ਸੱਤਾਧਾਰੀ ‘ਆਪ’ ਤੇ ਵਿਰੋਧੀ ਧਿਰ ਕਾਂਗਰਸ ਦਰਮਿਆਨ ਸ਼ਬਦੀ ਜੰਗ ਭਖ ਗਈ ਹੈ। ਕੌਮੀ ਪੱਧਰ ‘ਤੇ ‘ਇੰਡੀਆ’ ਗੱਠਜੋੜ ਵਿਚ ਇਨ੍ਹਾਂ ਦੋਵਾਂ ਧਿਰਾਂ ਵਿਚ ਸਭ ਅੱਛਾ ਜਾਪਦਾ ਹੈ, ਪਰ ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਦੇ ਆਗੂ ਖੁੱਲ੍ਹ ਕੇ ਇਕ ਦੂਜੇ ਖਿਲਾਫ਼ ਬੋਲਣ ਲੱਗੇ ਹਨ। ਸੂਤਰਾਂ ਮੁਤਾਬਕ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਵਿਚ ਇਕੱਲੇ ਲੜਨ ਦੇ ਬਿਆਨ ਨੂੰ ਲੈ ਕੇ ‘ਆਪ’ ਦੀ ਸੂਬਾਈ ਲੀਡਰਸ਼ਿਪ ਨੇ ਕੌਮੀ ਆਗੂਆਂ ਕੋਲ ਸ਼ਿਕਾਇਤ ਕੀਤੀ ਹੈ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲੜਨ ਦੀ ਤਿਆਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਫੈਸਲਾ ਭਾਵੇਂ ਪਾਰਟੀ ਹਾਈਕਮਾਨ ਕਰੇਗੀ, ਪਰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਹਿਮਤੀ ਤੋਂ ਬਿਨਾਂ ਕੋਈ ਫ਼ੈਸਲਾ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਗੱਠਜੋੜ ਹੋਣ ਦੀਆਂ ਅਫ਼ਵਾਹਾਂ ਹੀ ਹਨ।
ਪੰਜਾਬ ਕਾਂਗਰਸ ਦੇ ਆਗੂਆਂ ਨੇ ਸੋਮਵਾਰ ਨੂੰ ਮੀਟਿੰਗ ਕਰਕੇ ਸੂਬੇ ਵਿਚ ਆਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨਾਲ ਗੱਠਜੋੜ ਕੀਤੇ ਜਾਣ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ। ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਇਸ ਵੇਲੇ ਵਿਰੋਧੀ ਧਿਰ ਦੀ ਭੂਮਿਕਾ ਵਿਚ ਹੈ ਅਤੇ ਪਾਰਟੀ ਨੇ ਸੂਬੇ ਵਿਚ ਦਰਜਨ ਦੇ ਕਰੀਬ ਰਾਜ ਪੱਧਰੀ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੇ ਵਿਧਾਇਕ ਅਤੇ ਨੇਤਾ ਉਨ੍ਹਾਂ ਦੇ ਸੰਪਰਕ ਵਿਚ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ‘ਆਪ’ ਦੇ ਨੌਜਵਾਨ ਆਗੂ ਗੁਰਤੇਜ ਸਿੰਘ ਪੰਨੂ ਨੂੰ ਕਾਂਗਰਸ ਵਿਚ ਸ਼ਾਮਲ ਕਰਵਾਇਆ ਗਿਆ ਹੈ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਬਿਆਨ ‘ਤੇ ਵੜਿੰਗ ਨੇ ਕਿਹਾ ਕਿ ਮੰਤਰੀ ਦੇ ਬਿਆਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਕਾਂਗਰਸ ਹਾਈਕਮਾਨ ਨੇ ਪੰਜਾਬ ਵਿਚ ‘ਆਪ’ ਨਾਲ ਗੱਠਜੋੜ ਹੋਣ ਬਾਰੇ ਕੋਈ ਗੱਲ ਨਹੀਂ ਕਹੀ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਹ 2024 ਦੀਆਂ ਚੋਣਾਂ ਆਪਣੇ ਦਮ ‘ਤੇ ਲੜਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਾਡਰ ‘ਆਪ’ ਨਾਲ ਗੱਠਜੋੜ ਕੀਤੇ ਬਿਨਾਂ 2024 ਦੀਆਂ ਚੋਣਾਂ ਇਕੱਲੇ ਲੜਨ ਦੇ ਹੱਕ ਵਿਚ ਹੈ। ਹਾਈਕਮਾਨ ਨੇ ਪ੍ਰਦੇਸ਼ ਕਾਂਗਰਸ ਨੂੰ ਕਾਡਰ ਅਤੇ ਵਰਕਰਾਂ ਦੇ ਮੂਡ ਦਾ ਮੁਲਾਂਕਣ ਕਰਨ ਦੀ ਖੁੱਲ੍ਹ ਦਿੱਤੀ ਹੈ। ‘ਆਪ’ ਡੇਢ ਸਾਲ ਸੱਤਾ ਵਿਚ ਰਹਿਣ ਤੋਂ ਬਾਅਦ ਵੀ ਕਾਂਗਰਸ ਨਾਲ ਗੱਠਜੋੜ ਕਰਨ ਲਈ ਬੇਤਾਬ ਹੈ। ਕਾਂਗਰਸ ਨੇ ਗੱਠਜੋੜ ਬਾਰੇ ਕੋਈ ਬਿਆਨ ਨਹੀਂ ਦਿੱਤਾ, ਜਦੋਂਕਿ ‘ਆਪ’ ਆਗੂ ਹੀ ਅਜਿਹੇ ਬਿਆਨ ਦਾਗ਼ ਰਹੇ ਹਨ।

Leave a comment