ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਵਜਾਇਆ ਚੋਣ ਬਿਗਲ

118
ਮੰਚ ’ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਬਾਦਲ, ਭਾਰਤ ਭੂਸ਼ਣ ਆਸ਼ੂ ਅਤੇ ਹੋਰ ਆਗੂ।
Share

-ਕਾਂਗਰਸ ਪਾਰਟੀ ਨੇ ਰੈਲੀ ਕਰਕੇ ਕੀਤਾ ਸ਼ਕਤੀ ਪ੍ਰਦਰਸ਼ਨ
ਲੁਧਿਆਣਾ, 23 ਨਵੰਬਰ (ਪੰਜਾਬ ਮੇਲ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੁਧਿਆਣਾ ’ਚ ਵੱਡੀ ਰੈਲੀ ਕਰਕੇ ਚੋਣ ਬਿਗਲ ਵਜਾ ਦਿੱਤਾ ਹੈ। ਕਾਂਗਰਸ ਪਾਰਟੀ ਨੇ ‘ਵਰਕਰ ਮਿਲਣੀ’ ਦੇ ਨਾਂ ’ਤੇ ਰੈਲੀ ਕਰਕੇ ਆਪਣੀ ਇਕਜੁੱਟਤਾ ਦਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ। ਮੰਚ ਸਾਂਝਾ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ, ਤਾਂ ਜੋ ਸੂਬੇ ’ਚ ਕੇਬਲ ਦੀ ਅਜਾਰੇਦਾਰੀ ਨੂੰ ਮੁਕੰਮਲ ਤੌਰ ’ਤੇ ਖ਼ਤਮ ਕੀਤਾ ਜਾ ਸਕੇ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਵੱਲੋਂ ਕਰਵਾਈ ਰੈਲੀ ਦੌਰਾਨ ਚੰਨੀ ਨੇ ਕਿਹਾ ਕਿ ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ’ਤੇ ਬਾਦਲ ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਕੇਬਲ ਲਈ ਹਰੇਕ ਮਹੀਨੇ 100 ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ। ਨਵੀਆਂ ਦਰਾਂ ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘‘ਜੇਕਰ ਤਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ, ਤਾਂ ਮੈਨੂੰ ਦੱਸੋ।’ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ’ਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।
ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਪ੍ਰਬੰਧ ਵੀ ਖ਼ਤਮ ਕੀਤਾ ਜਾਵੇਗਾ। ਆਪਣੀ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਭਲੇ ਲਈ ਉਠਾਏ ਗਏ ਕਈ ਇਤਿਹਾਸਕ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨਾ, ਪਾਣੀ ਦਾ ਬਿੱਲ ਪ੍ਰਤੀ ਮਹੀਨਾ 50 ਰੁਪਏ ਕਰਨਾ, ਰੇਤਾ ਤੇ ਗਟਕੇ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਮਹੀਨਾ ਕਰਨ ਤੋਂ ਇਲਾਵਾ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਸ਼ਾਮਲ ਹਨ। ਮਹਿਲਾਵਾਂ ਦੇ ਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ’ਚ ਸਰਕਾਰ ਦੇ ਨਾਲ-ਨਾਲ ਪਾਰਟੀ ਵਿਚ ਵੀ ਮਹਿਲਾਵਾਂ ਨੂੰ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ।

Share