#PUNJAB

ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਸੰਬੰਧੀ ਸਖਤ ਹੁਕਮ ਜਾਰੀ

ਜਲੰਧਰ, 16 ਨਵੰਬਰ (ਪੰਜਾਬ ਮੇਲ)- ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਸੂਬਾ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਹੁਣ ਜ਼ਮੀਨੀ ਪੱਧਰ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ‘ਚ ਭੇਜ ਕੇ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਅਤੇ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਦਾ ਮੁਲਾਂਕਣ ਕਰਨ ਦੇ ਹੁਕਮ ਦਿੱਤੇ ਹਨ। ਇਸੇ ਕੜੀ ਤਹਿਤ ਪੰਜਾਬ ਦੇ ਏ.ਡੀ.ਜੀ.ਪੀ. (ਸੁਰੱਖਿਆ) ਕੌਸਤੁਭ ਸ਼ਰਮਾ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ (ਐੱਸ.ਐੱਸ.ਪੀ.) ਨਾਲ ਮੀਟਿੰਗਾਂ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਮੀਨੀ ਪੱਧਰ ‘ਤੇ ਅਮਨ-ਕਾਨੂੰਨ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਸਰਗਰਮੀ ਨੂੰ ਰੋਕਣ ਲਈ ਪੂਰੀ ਚੌਕਸੀ ਵਰਤਣ ਲਈ ਕਿਹਾ। ਉਨ੍ਹਾਂ ਸਪੱਸ਼ਟ ਹੁਕਮ ਦਿੱਤੇ ਕਿ ਪੁਲਿਸ ਅਧਿਕਾਰੀ ਆਪੋ-ਆਪਣੇ ਜ਼ਿਲ੍ਹਿਆਂ ‘ਚ ਸੁਰੱਖਿਆ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਸੰਵੇਦਨਸ਼ੀਲ ਖੇਤਰਾਂ ‘ਚ ਪੁਲਿਸ ਦੀ ਮੌਜੂਦਗੀ ਵਧਾਈ ਜਾਵੇ।
ਕੌਸਤੁਭ ਸ਼ਰਮਾ ਨੇ ਕਿਹਾ ਕਿ ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਅਤੇ ਨਿਗਰਾਨੀ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ। ਇਸ ਲਈ ‘ਨਾਈਟ ਡੋਮੀਨੈਂਸ’ ਮੁਹਿੰਮ ਨੂੰ ਪੂਰੀ ਮਜ਼ਬੂਤੀ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ‘ਤੇ ਦਬਾਅ ਬਣਾਇਆ ਜਾ ਸਕੇ। ਉਨ੍ਹਾਂ ਹੁਕਮ ਦਿੱਤੇ ਕਿ ਅਗਲੇ ਕੁਝ ਮਹੀਨਿਆਂ ਤੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਲਗਾਤਾਰ ਜਾਰੀ ਰਹਿਣੀ ਚਾਹੀਦੀ ਹੈ। ਇਨ੍ਹਾਂ ਮੁਹਿੰਮਾਂ ਰਾਹੀਂ ਸ਼ੱਕੀ ਵਿਅਕਤੀਆਂ, ਅਪਰਾਧੀਆਂ ਅਤੇ ਨਸ਼ਾ ਸਮੱਗਲਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ।