#PUNJAB

ਪੰਜਾਬ ‘ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 1 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਆਗੂ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਵੱਲੋਂ ਇਸ ਵਾਰਦਾਤ ਨੂੰ ਗੱਡੀ ਦਾ ਪਿੱਛਾ ਕਰਦੇ ਹੋਏ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਸ੍ਰੀ ਗੋਇੰਦਵਾਲ ਸਾਹਿਬ ਨਜ਼ਦੀਕ ਰੇਲਵੇ ਫਾਟਕ ਬੰਦ ਸੀ। ਇਸ ਹਮਲੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿਵਾਸੀ ਚੋਹਲਾ ਸਾਹਿਬ ਜੋ ਆਪਣੀ ਕਾਰ ‘ਤੇ ਸਵਾਰ ਹੋ ਕਸਬਾ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਦੇ ਨਜ਼ਦੀਕ ਪਹੁੰਚੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਵਿੱਚ ਸਵਾਰ ਹਮਲਾਵਰ ਉਸ ਦਾ ਪਹਿਲਾਂ ਤੋਂ ਹੀ ਪਿੱਛਾ ਕਰ ਰਹੇ ਸਨ। ਜਿਨਾਂ ਵੱਲੋਂ ਗੁਰਪ੍ਰੀਤ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਹਮਲੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ‌।

ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਬਹੁਤ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਇਸ ਵਾਰਦਾਤ ਤੋਂ ਬਾਅਦ ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ ‘ਚ ਬੀਤੇ ਤਿੰਨ ਦਿਨਾਂ ਦੌਰਾਨ ਚੌਥੀ ਵੱਡੀ ਵਾਰਦਾਤ ਵਾਪਰ ਚੁੱਕੀ ਹੈ ਜਿਸ ਦੇ ਚਲਦਿਆਂ ਪੁਲਸ ਪ੍ਰਸ਼ਾਸਨ ਉੱਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਲੋਕਾਂ ਵੱਲੋਂ ਲਾਅ ਐਂਡ ਆਰਡਰ ਨੂੰ ਫੇਲ੍ਹ ਕਰਾਰ ਦਿੱਤਾ ਜਾ ਰਿਹਾ ਹੈ।