ਪੰਜਾਬ ‘ਚ ਸ਼ਰਾਬ ਤੇ ਰੇਤ ਮਾਫੀਆ ‘ਤੇ ਨੱਥ ਪਾਵੇ ਸਰਕਾਰ : ਹਰਦੀਪ ਸਿੰਘ ਗੋਲਡੀ

885

ਨਿਊਜਰਸੀ, 20 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸੀਆਂ ਦੀ ਨੁਮਾਇੰਦਗੀ ਵਾਲੇ ਸ਼ਰਾਬ ਦੇ ਠੇਕੇਦਾਰਾਂ ‘ਤੇ ਨਿਹਾਲ ਹੋਣ ਮਗਰੋਂ ਪੰਜਾਬ ਸਰਕਾਰ ਨੇ ਹੁਣ ਰੇਤ ਮਾਫੀਆ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਖਣਿਜ ਸਰੋਤਾਂ ਨੂੰ ਲੁੱਟਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਸਰਕਾਰ ਨੇ ਕੋਵਿਡ-19 ਕਰਕੇ ਮੁਸ਼ਕਲ ਹਾਲਾਤ ਵਿਚੋਂ ਲੰਘ ਰਹੇ ਗਰੀਬਾਂ, ਲੋੜਵੰਦਾਂ ਅਤੇ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਊਜਰਸੀ ਦੇ ਪ੍ਰਧਾਨ ਹਰਦੀਪ ਸਿੰਘ ਗੋਲਡੀ ਨੇ ਕਿਹਾ ਕਿ ਕਰਫਿਊ ਦੌਰਾਨ ਸ਼ਰਾਬ ਦੀ ਵਿਕਰੀ ਨਾ ਹੋਣ ਕਰਕੇ ਠੇਕੇਦਾਰਾਂ ਨੂੰ 676 ਕਰੋੜ ਦੀ ਰਾਸ਼ੀ ਦੇ ਦਿੱਤੀ ਗਈ ਹੈ, ਜਦਕਿ ਠੇਕੇਦਾਰਾਂ ਵੱਲੋਂ ਕਰਫਿਊ ਦੌਰਾਨ ਕੀਤੀ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਵੇਖਦਿਆਂ ਇਹ ਗੱਲ ਸਹੀ ਨਹੀਂ ਸੀ ਕਿ ਉਨ੍ਹਾਂ ਦੀ ਸ਼ਰਾਬ ਨਹੀਂ ਵਿਕੀ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਸਰਕਾਰ ਨੇ ਨੀਲਾਮੀ ਦੇ ਭਾਅ 80 ਫੀਸਦੀ ਘਟਾ ਕੇ ਸੂਬੇ ਅੰਦਰ ਰੇਤ ਮਾਫੀਆ ਨੂੰ ਕੁਦਰਤੀ ਸਰੋਤ ਲੁੱਟਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਰੇਤ ਮਾਫੀਆ ਵੱਲੋਂ ਕਰਫਿਊ ਦੌਰਾਨ ਅਤੇ ਉਸ ਤੋਂ ਪਹਿਲਾਂ ਵੀ ਬਿਨਾਂ ਮਨਜ਼ੂਰੀ ਲਏ ਰੇਤਾ ਬਜਰੀ ਦੀ ਖੁਦਾਈ ਲਗਾਤਾਰ ਜਾਰੀ ਰੱਖੀ ਹੈ, ਸਰਕਾਰ ਵੱਲੋਂ ਉਨ੍ਹਾਂ ‘ਤੇ ਇਹ ਮਿਹਰਬਾਨੀ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ਸਰਕਾਰ ਨੂੰ ਸ਼ਰਾਬ ਤੇ ਰੇਤ ਮਾਫੀਆ ‘ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਠੇਕੇਦਾਰਾਂ ਵੱਲੋਂ ਰੇਤ ਦੀਆਂ ਕੀਮਤਾਂ ਵਧਾਈਆਂ ਜਾ ਚੁੱਕੀਆਂ ਹਨ ਅਤੇ ਉਹ ਖਪਤਕਾਰਾਂ ਨੂੰ ਸਸਤਾ ਰੇਤਾ ਦੇਣ ਲਈ ਬਿਲਕੁੱਲ ਤਿਆਰ ਨਹੀਂ ਹਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਇਹ ਛੋਟ ਦਿੱਤੀ ਗਈ ਹੈ।
ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਰੇਤੇ ਦੇ ਬੋਲੀਕਾਰਾਂ ਨੂੰ ਦਿੱਤੀ ਬੇਦਲੀਲੀ ਅਤੇ ਗੈਰ-ਕਾਨੂੰਨੀ ਰਾਹਤ ਦਾ ਹੁਕਮ ਤੁਰੰਤ ਵਾਪਸ ਲਵੇ ਅਤੇ ਕਿਸੇ ਬਾਹਰੀ ਏਜੰਸੀ ਰਾਹੀਂ ਸਾਰੀਆਂ ਖੱਡਾਂ ਦੀ ਤਾਜ਼ਾ ਬੋਲੀ ਕਰਵਾਏ ਤਾਂ ਕਿ ਨੀਲਾਮੀ ਦੀ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੇ।