-‘ਆਪ’, ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਸੂਬੇ ਵਿਚ ਪ੍ਰਚਾਰ ਮੁਹਿੰਮ ਭਖਾਈ
ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)- ਪੰਜਾਬ ਵਿਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਸਾਰੀਆਂ ਹੀ ਸਿਆਸੀ ਧਿਰਾਂ ਨੇ ਆਪੋ-ਆਪਣੀਆਂ ਰਾਜਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੂਬੇ ਵਿਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਵੀ ਵੱਖ-ਵੱਖ ਥਾਵਾਂ ‘ਤੇ ਸਮਾਗਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਧਿਰਾਂ ਦੇ ਵਰਕਰਾਂ ਵੱਲੋਂ ਆਪੋ-ਆਪਣੇ ਹਲਕਿਆਂ ਵਿਚ ਪੋਸਟਰਾਂ ਦੇ ਫਲੈਕਸਾਂ ਰਾਹੀ ਆਪਣੀ ਪ੍ਰਚਾਰ ਮੁਹਿੰਮ ਵੀ ਭਖਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਨੂੰ ਤਿੰਨ ਕੁ ਮਹੀਨੇ ਦਾ ਸਮਾਂ ਰਹਿ ਗਿਆ ਹੈ। ਇਨ੍ਹਾਂ ਚੋਣਾਂ ਨੂੰ ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪਣੇ ਸਿਆਸੀ ਵਕਾਰ ਨੂੰ ਬਚਾਉਣ ਲਈ ਚੋਣ ਮੈਦਾਨ ਵਿਚ ਉੱਤਰਿਆ ਜਾ ਰਿਹਾ ਹੈ। ਕੌਮੀ ਪੱਧਰ ‘ਤੇ ਇੰਡੀਆ ਗੱਠਜੋੜ ਵੱਲੋਂ ਸੀਟਾਂ ਦੀ ਵੰਡ ‘ਤੇ ਚਰਚਾ ਕੀਤੀ ਜਾ ਰਹੀ ਹੈ, ਉਧਰ ਪੰਜਾਬ ਵਿਚ ‘ਆਪ’ ਤੇ ਕਾਂਗਰਸ ਦੇ ਆਗੂ ਆਪਣੇ ਦਮ ‘ਤੇ ਚੋਣਾਂ ਲੜਨ ਦੇ ਦਾਅਵੇ ਕਰ ਰਹੇ ਹਨ।
ਸੂਬੇ ਦੀ ਸੱਤਾ ‘ਤੇ ਕਾਬਜ਼ ‘ਆਪ’ ਲਈ ਲੋਕ ਸਭਾ ਚੋਣਾਂ ਬਹੁਤ ਅਹਿਮ ਹਨ। ਇਸੇ ਕਰਕੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਵਿਚ ਕੀਤੇ ਵਾਅਦਿਆਂ ਨੂੰ ਜਲਦ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ‘ਆਪ’ ਵੱਲੋਂ ਸੂਬੇ ਦੇ ਸਾਰੇ ਲੋਕ ਸਭਾ ਹਲਕਿਆਂ ਵਿਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਇਨ੍ਹਾਂ ਰੈਲੀਆਂ ਰਾਹੀ ਲੋਕਾਂ ਨੂੰ ਨਵੇਂ-ਨਵੇਂ ਤੋਹਫ਼ੇ ਦਿੱਤੇ ਜਾ ਰਹੇ ਹਨ ਅਤੇ ਨਾਲ ਹੀ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਦੂਜੇ ਪਾਸੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰਨਾਂ ਸਿਆਸੀ ਆਗੂਆਂ ਵੱਲੋਂ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਉਲੀਕੀ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੱਖਰੇ ਤੌਰ ‘ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਕਰਕੇ ਕਾਂਗਰਸੀ ਆਗੂਆਂ ਵਿਚ ਕੁੜੱਤਣ ਵੀ ਪੈਦਾ ਹੁੰਦੀ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਜਨਤਕ ਸਮਾਗਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਨੂੰ ਸੂਬੇ ਵਿਚ ਮਜ਼ਬੂਤ ਕਰਨ ਲਈ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਜਨਤਕ ਸਮਾਗਮ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਆਪਣੀ ਸਿਆਸੀ ਜ਼ਮੀਨ ਤਿਆਰ ਕਰਨ ਦੀ ਤਲਾਸ਼ ਵਿਚ 1 ਫਰਵਰੀ ਨੂੰ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਯਾਤਰਾ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਕਰੇਗੀ। ਇਸ ਯਾਤਰਾ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਪੰਜਾਬ ਭਰ ਵਿਚ ਪਾਰਟੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਯਾਤਰਾ ਨੂੰ ਮਜ਼ਬੂਤੀ ਨਾਲ ਕੱਢਿਆ ਜਾ ਸਕੇ।