#PUNJAB

ਪੰਜਾਬ ‘ਚ 13 ਲੋਕ ਸਭਾ ਸੀਟਾਂ ‘ਤੇ ਚੋਣ ਤਿਆਰੀਆਂ ਮੁਕੰਮਲ

2.14 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦਾ ਕਰਨਗੇ ਫ਼ੈਸਲਾ
ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਪਹਿਲੀ ਜੂਨ ਵੋਟਿੰਗ ਹੋਵੇਗੀ, ਜਿਸ ਵਿਚ ਇੰਡੀਆ ਗੱਠਜੋੜ ਦੇ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵੱਖਰੇ ਤੌਰ ‘ਤੇ ਚੋਣ ਲੜਨਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਚੋਣਾਂ ਕਈ ਨੇਤਾਵਾਂ ਦਾ ਭਵਿੱਖ ਦਾਅ ‘ਤੇ ਹੈ। ਸੂਬੇ ਵਿਚ 1996 ਤੋਂ ਬਾਅਦ ਪਹਿਲੀ ਵਾਰ ਭਾਜਪਾ ਅਤੇ ਅਕਾਲੀ ਦਲ ਆਪਣੇ ਦਮ ‘ਤੇ ਲੋਕ ਸਭਾ ਚੋਣਾਂ ਲੜ ਰਹੇ ਹਨ। ਦੂਜੇ ਪਾਸੇ ‘ਆਪ’ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
ਚੋਣ ਅਧਿਕਾਰੀਆਂ ਮੁਤਾਬਕ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ ‘ਚ 2.14 ਕਰੋੜ ਤੋਂ ਵੱਧ ਵੋਟਰ ਹਨ। ਪੰਜਾਬ ਵਿਚ 26 ਔਰਤਾਂ ਸਮੇਤ ਕੁੱਲ 328 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਦਕਿ ਚੰਡੀਗੜ੍ਹ ਵਿਚ ਦੋ ਔਰਤਾਂ ਸਮੇਤ 19 ਉਮੀਦਵਾਰ ਚੋਣ ਲੜ ਰਹੇ ਹਨ। ਚੰਡੀਗੜ੍ਹ ‘ਚ ਭਾਜਪਾ ਉਮੀਦਵਾਰ ਸੰਜੈ ਟੰਡਨ ਦਾ ਮੁਕਾਬਲਾ ਕਾਂਗਰਸ ਉਮੀਦਵਾਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨਾਲ ਹੈ।