– ਸਿਆਸੀ ਪਾਰਟੀਆਂ ‘ਚ ਬਦਲੇ ਜਾ ਸਕਦੇ ਨੇ ਸਮੀਕਰਨ, ਧੜੇਬਾਜ਼ੀ ਵੱਡੀ ਚੁਣੌਤੀ
ਬਠਿੰਡਾ, 7 ਮਾਰਚ (ਪੰਜਾਬ ਮੇਲ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਰੈਲੀਆਂ ਤੇ ਜਨ ਸਭਾਵਾਂ ਰਾਹੀਂ ਲੋਕਾਂ ਨੂੰ ਆਪਣੇ ਹੱਕ ਵਿਚ ਕਰਨ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਗਈਆਂ ਹਨ। ਮੌਜੂਦਾ ਹਾਲਾਤ ਨੂੰ ਵੇਖਦਿਆਂ ਰਾਜਨੀਤਿਕ ਜਾਣਕਾਰਾਂ ਦਾ ਮੰਨਣਾ ਹੈ ਕਿ ਆਉਣ ਵਾਲੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਲਈ ਰਾਹ ਆਸਾਨ ਨਹੀਂ ਰਹੇਗਾ।
ਮਾਹਿਰਾਂ ਦਾ ਕਹਿਣਾ ਹੈ ਕਿ ਸੱਤਾ ‘ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਕਈ ਵੱਡੇ ਵਾਅਦੇ ਕੀਤੇ ਸਨ ਪਰ ਕਈ ਮਸਲਿਆਂ ‘ਤੇ ਉਮੀਦਾਂ ਅਨੁਸਾਰ ਨਤੀਜੇ ਸਾਹਮਣੇ ਨਾ ਆਉਣ ਕਾਰਨ ਲੋਕਾਂ ‘ਚ ਨਾਰਾਜ਼ਗੀ ਵੀ ਵਧਦੀ ਨਜ਼ਰ ਆ ਰਹੀ ਹੈ। ਵਿਰੋਧੀ ਪਾਰਟੀਆਂ ਵੀ ਲਗਾਤਾਰ ਸਰਕਾਰ ਨੂੰ ਘੇਰਨ ‘ਚ ਲੱਗੀਆਂ ਹੋਈਆਂ ਹਨ, ਜਿਸ ਕਰਕੇ ਇਹ ਚਰਚਾ ਤੇਜ਼ ਹੋ ਗਈ ਹੈ ਕਿ 2027 ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸਿਆਸੀ ਮਾਹਿਰਾਂ ਮੁਤਾਬਕ ਜੇਕਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗਠਜੋੜ ਹੋ ਜਾਂਦਾ ਹੈ ਤਾਂ ਪੰਜਾਬ ਦੀ ਰਾਜਨੀਤੀ ‘ਚ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਦੋਹਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਸੱਤਾ ਦੀ ਲੜਾਈ ਕਾਫ਼ੀ ਦਿਲਚਸਪ ਹੋ ਸਕਦੀ ਹੈ ਅਤੇ ਇਹ ਆਮ ਆਦਮੀ ਪਾਰਟੀ ਲਈ ਵੱਡੀ ਚੁਣੌਤੀ ਬਣ ਸਕਦੀ ਹੈ। ਹਾਲਾਂਕਿ ਭਾਜਪਾ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ, ਜਦਕਿ ਅਕਾਲੀ ਦਲ ਦੇ ਕਈ ਸੀਨੀਅਰ ਨੇਤਾ ਖੁੱਲ੍ਹ ਕੇ ਗਠਜੋੜ ਦੀ ਗੱਲ ਕਰ ਚੁੱਕੇ ਹਨ।
ਸਿਆਸੀ ਹਲਕਿਆਂ ‘ਚ ਇਹ ਚਰਚਾ ਵੀ ਜ਼ੋਰਾਂ ‘ਤੇ ਹੈ ਕਿ ਦੇਸ਼ ਦੇ ਇਕ ਵੱਡੇ ਧਾਰਮਿਕ ਗੁਰੂ ਦੋਹਾਂ ਪਾਰਟੀਆਂ ਵਿਚਕਾਰ ਅਹਿਮ ਭੂਮਿਕਾ ਨਿਭਾ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ, ਤਾਂ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ਦੀ ਰਾਜਨੀਤੀ ‘ਤੇ ਵੀ ਇਸ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।
ਦੂਜੇ ਪਾਸੇ ਕਾਂਗਰਸ ਵੀ ਸੱਤਾ ਦੀ ਦੌੜ ‘ਚ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਮੰਨ ਰਹੀ ਹੈ ਪਰ ਪਾਰਟੀ ਦੇ ਅੰਦਰ ਚੱਲ ਰਹੀ ਧੜੇਬਾਜ਼ੀ ਉਸ ਲਈ ਸਭ ਤੋਂ ਵੱਡੀ ਚੁਣੌਤੀ ਬਣੀ ਹੋਈ ਹੈ। ਹਾਲ ਹੀ ‘ਚ ਬਰਨਾਲਾ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਨੇਤਾਵਾਂ ਨੂੰ ਆਪਸੀ ਮਤਭੇਦ ਖ਼ਤਮ ਕਰਨ ਅਤੇ ਇਕਜੁੱਟ ਹੋ ਕੇ ਚੋਣ ਲੜਨ ਦੇ ਨਿਰਦੇਸ਼ ਦਿੱਤੇ ਸਨ ਪਰ ਅਜੇ ਤੱਕ ਇਸ ਦਾ ਪੂਰਾ ਅਸਰ ਵਿਖਾਈ ਨਹੀਂ ਦੇ ਰਿਹਾ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕਾਂਗਰਸ ਹਾਈਕਮਾਨ ਸੂਬੇ ਦੇ ਸਾਰੀਆਂ ਧਿਰਾਂ ਨੂੰ ਇਕ ਮੰਚ ‘ਤੇ ਲਿਆਉਣ ਵਿਚ ਕਾਮਯਾਬ ਹੋ ਜਾਂਦਾ ਹੈ, ਤਾਂ ਪਾਰਟੀ ਸੱਤਾ ਦੇ ਕਾਫ਼ੀ ਨੇੜੇ ਪਹੁੰਚ ਸਕਦੀ ਹੈ ਪਰ ਜੇ ਧੜੇਬਾਜ਼ੀ ਜਾਰੀ ਰਹੀ, ਤਾਂ ਇਸ ਦਾ ਫਾਇਦਾ ਵਿਰੋਧੀ ਪਾਰਟੀਆਂ ਨੂੰ ਮਿਲ ਸਕਦਾ ਹੈ। ਕੁੱਲ੍ਹ ਮਿਲਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ‘ਚ ਅਜੇ ਤੋਂ ਹੀ ਹਲਚਲ ਤੇਜ਼ ਹੋ ਗਈ ਹੈ। ਜਿਥੇ ਆਮ ਆਦਮੀ ਪਾਰਟੀ ਆਪਣੇ ਕੰਮਕਾਜ ਦੇ ਆਧਾਰ ‘ਤੇ ਲੋਕਾਂ ਵਿਚ ਜਾਣ ਦੀ ਤਿਆਰੀ ਕਰ ਰਹੀ ਹੈ, ਉੱਥੇ ਵਿਰੋਧੀ ਪਾਰਟੀਆਂ ਉਸ ਦੇ ਵਾਅਦਿਆਂ ਅਤੇ ਦਾਅਵਿਆਂ ਨੂੰ ਮਸਲਾ ਬਣਾ ਕੇ ਉਸ ਨੂੰ ਘੇਰਨ ਵਿਚ ਜੁੱਟੀਆਂ ਹੋਈਆਂ ਹਨ। ਆਉਣ ਵਾਲੇ ਸਮੇਂ ‘ਚ ਅਕਾਲੀ-ਭਾਜਪਾ ਸਮੀਕਰਨ ਅਤੇ ਕਾਂਗਰਸ ਦੀ ਅੰਦਰੂਨੀ ਸਥਿਤੀ ਹੀ ਇਹ ਤੈਅ ਕਰੇਗੀ ਕਿ ਪੰਜਾਬ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਵਿਚ ਜਾਵੇਗੀ।
ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼

