ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਰੰਧਾਵਾ ਨੇ ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਖ਼ਿਲਾਫ਼ ਚੁੱਕੀ ਆਵਾਜ਼

259
Share

ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਸ਼੍ਰੀ ਰੰਧਾਵਾ ਨੇ ਇਸ ਫੈਸਲੇ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਿਰ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋ ਵਰ੍ਹੇ ਪਹਿਲਾਂ ਪੰਜਾਬ ਸਰਕਾਰ ਦੇ ਵਫਦ ਨੇ ਸ਼ਿਲਾਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਨੂੰ ਮਿਲ ਕੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਉਜਾੜੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਮੇਘਾਲਿਆ ਦੇ ਉੱਪ ਮੁੱਖ ਮੰਤਰੀ ਪਿ੍ਰਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇਣ ਦਾ ਵਿਰੋਧ ਕੀਤਾ। ਪੰਜਾਬ ਦੇ ਉੱਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲਾਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲਾਂਗ ਵਿਚ ਵਸੇ ਇਨ੍ਹਾਂ ਸਿੱਖਾਂ ਦੇ ਨਾਗਰਿਕ ਅਧਿਕਾਰਾਂ ਦੀ ਕਿਸੇ ਵੀ ਕੀਮਤ ’ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐੱਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ। ਸ਼੍ਰੀ ਰੰਧਾਵਾ ਨੇ ਕਿਹਾ ਕਿ ਐੱਨ.ਡੀ.ਏ. ਸਰਕਾਰ ਪੂਰੇ ਦੇਸ਼ ਵਿਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿਚ ਨਾਕਾਮ ਰਹੀ ਹੈ, ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿਚ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ, ਜਿਸ ’ਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਜੂਨ 2019 ’ਚ ਰੰਧਾਵਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲਾਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ, ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।

Share