#PUNJAB

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ

– ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ
ਚੰਡੀਗੜ੍ਹ, 2 ਅਪ੍ਰੈਲ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈ.ਡੀ., ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮਿਸ਼ਨ ਦੀ ਟੀਮ ਨੇ ਸੂਬੇ ਦੀਆਂ ਚੋਣ ਟੀਮਾਂ ਅਤੇ ਸਬੰਧਤ ਏਜੰਸੀਆਂ ਨੂੰ ਸਰਹੱਦਾਂ ‘ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸੂਬੇ ਦੇ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਗੁਆਂਢੀ ਰਾਜਾਂ ਦੀਆਂ ਅੰਤਰਰਾਜੀ ਚੈੱਕ ਪੋਸਟਾਂ ‘ਤੇ ਹੋਰ ਚੌਕਸੀ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫਤ ਦੀਆਂ ਚੀਜ਼ਾਂ ਦੀ ਸਰਹੱਦ ਪਾਰ ਤੋਂ ਰੋਕ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਾਲ ਲੱਗਦੇ ਸਰਹੱਦੀ ਰਾਜਾਂ ਦੇ ਸਹਿਯੋਗ ਨਾਲ ਗੈਰ ਕਾਨੂੰਨੀ ਸਮਾਨ ਦੀਆਂ ਜ਼ਬਤੀਆਂ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀਆਂ ਟੀਮਾਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਯਕੀਨ ਦਿਵਾਇਆ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਯੋਗ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।