ਐਨਰਜੀ ਡਰਿੰਕ ਵਿਚਲੀ ਕੈਫੀਨ ਸਿਹਤ ਲਈ ਹਾਨੀਕਾਰਕ : ਮੰਤਰੀ
ਚੰਡੀਗੜ੍ਹ, 27 ਮਾਰਚ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਪੰਜਾਬ ਭਵਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ, ”ਛੋਟੀ ਉਮਰ ਵਿਚ ਵਧੇਰੇ ਬੱਚੇ ਐਨਰਜੀ ਡਰਿੰਕ ਪੀਣ ਦੇ ਆਦਿ ਹੋ ਜਾਂਦੇ ਹਨ, ਜੋ ਕਿ ਸਿਹਤ ਲਈ ਵਧੇਰੇ ਹਾਨੀਕਾਰਕ ਹੈ। ਐਨਰਜੀ ਡਰਿੰਕਸ ਵਿਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਇਸ ਲਈ ਸਕੂਲਾਂ ‘ਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।”
ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਹਰ ਪੱਖ ‘ਤੇ ਕੰਮ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਦੀ ਸਪਲਾਈ ਤੇ ਡਿਮਾਂਡ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਤੇ ਹੋਰਨਾਂ ਮੋਹਤਬਰਾਂ ਨੂੰ ਵੀ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਤਾਂ ਜੋ ਪੰਜਾਬ ‘ਚੋਂ ਨਸ਼ਿਆਂ ਦਾ ਖਾਤਮਾ ਕਰਕੇ ਰੰਗਲਾ ਪੰਜਾਬ ਬਣਾਇ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੀ ਮੌਜੂਦ ਰਹੇ।
ਪੰਜਾਬ ਦੇ ਸਕੂਲਾਂ ‘ਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ
