#PUNJAB

ਪੰਜਾਬ ਪੁਲਿਸ ਦੀ ਏ.ਜੀ.ਟੀ.ਐੱਫ. ਵੱਲੋਂ ਜੇਲ੍ਹ ਵਿਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ; ਪਿਸਤੌਲ ਬਰਾਮਦ

– ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿਚ ਬੰਦ/ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮੇਹਮਦਪੁਰ, ਐੱਸ.ਏ.ਐੱਸ. ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ।
ਪੁਲਿਸ ਟੀਮ ਨੇ ਉਸ ਦੇ ਕਬਜ਼ੇ ਵਿਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਜੀ.ਟੀ.ਐੱਫ. ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ ‘ਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਇਹ ਕਾਰਵਾਈ ਡੀ.ਐੱਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕੀਤੀ, ਜਿਸ ਦੀ ਨਿਗਰਾਨੀ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਏ.ਆਈ.ਜੀ. ਸੰਦੀਪ ਗੋਇਲ ਨੇ ਕੀਤੀ।
ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2018 ਵਿਚ ਮੁਲਜ਼ਮ ਵਿਜੇ ਮਲੇਸ਼ੀਆ ਭੱਜ ਗਿਆ ਸੀ ਅਤੇ ਉਥੇ ਰਹਿੰਦਿਆਂ ਉਸ ਨੇ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿਚ ਇੱਕ ਜਵੈਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ‘ਚ ਪੰਜਾਬ ਪੁਲਿਸ ਨੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਸੀ। ਇਸ ਮਾਮਲੇ ‘ਚ ਦੋਸ਼ੀ ਵਿਜੇ 2 ਸਾਲ ਤੱਕ ਅੰਬਾਲਾ ਜੇਲ ‘ਚ ਬੰਦ ਰਿਹਾ।
ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25 (6) (7) ਦੇ ਤਹਿਤ ਐੱਫ.ਆਈ.ਆਰ. ਨੰਬਰ 23 ਮਿਤੀ 12-06-24 ਦਰਜ ਹੈ।