25.6 C
Sacramento
Tuesday, October 3, 2023
spot_img

ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ 

– ਪੰਜਾਬ ਪੁਲਿਸ ਨੇ ਚੌਥੇ ਦਿਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤੀ ਵਿਸ਼ੇਸ਼ ਕਾਰਵਾਈ; 11 ਗ੍ਰਿਫ਼ਤਾਰ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ
– ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ
ਚੰਡੀਗੜ੍ਹ/ਸੰਗਰੂਰ, 28 ਜੁਲਾਈ (ਦਲਜੀਤ ਕੌਰ/ ਪੰਜਾਬ ਮੇਲ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੇ ਚਲਦਿਆਂ ਪੰਜਾਬ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਤਹਿਤ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਮਤਾ ਪਾਸ ਕੀਤਾ।
ਇਹ ਕਦਮ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਇਸ ਕਾਰਵਾਈ ਤਹਿਤ ਕੱਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਸੀ।
ਮੁਹਿੰਮ ਦੇ ਚੌਥੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਪਟਿਆਲਾ ਰੇਂਜ ਦੇ ਦੋ ਜ਼ਿਲ੍ਹਿਆਂ ਸੰਗਰੂਰ ਅਤੇ ਬਰਨਾਲਾ ਵਿੱਚ ਚਲਾਈ ਗਈ। ਇਹ ਸਾਰੀ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।
ਸੰਗਰੂਰ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਤਾਂ ਜੋ ਸੂਬਾ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਪਰ ਇਸ ਮੰਤਵ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਇਸ ਮੌਕੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 8 ਐਫਆਈਆਰਜ਼ ਦਰਜ ਕਰਕੇ 11 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 60 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਸੰਗਰੂਰ ਸੁਰਿੰਦਰ ਲਾਂਬਾ ਅਤੇ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ।
ਜ਼ਿਕਰਯੋਗ ਹੈ ਕਿ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ 10 ਪੰਚਾਇਤਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles