ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਦਿੱਤਾ ਘਟਨਾ ਨੂੰ ਅੰਜਾਮ
ਪੁਲਿਸ ਨੇ ਸਾਬਕਾ ਏ.ਆਈ.ਜੀ. ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਚੰਡੀਗੜ੍ਹ ਦੇ ਸੈਕਟਰ-43 ਵਿਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਪੰਜਾਬ ਦੇ ਸਾਬਕਾ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਈ.ਆਰ.ਐੱਸ. ਅਧਿਕਾਰੀ ਜਵਾਈ ਹਰਪ੍ਰੀਤ ਸਿੰਘ ਦੀ ਗੋਲੀ ਮਾਰ ਦਿੱਤੀ। ਇਸ ਦੌਰਾਨ ਆਈ.ਆਰ.ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿਚ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲਿਸ ਨੇ ਸਾਬਕਾ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਈ.ਆਰ.ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਸੇ ਮਾਮਲੇ ਵਿਚ ਅੱਜ ਦੋਵੇਂ ਧਿਰਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਸਥਿਤ ਮੈਡੀਏਸ਼ਨ ਸੈਂਟਰ ‘ਚ ਇਕੱਠੀਆਂ ਹੋਈਆਂ। ਇਸ ਦੌਰਾਨ ਸਾਬਕਾ ਏ.ਆਈ.ਜੀ. ਨੇ ਆਪਣੇ ਜਵਾਈ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਚੰਡੀਗੜ੍ਹ ਪੁਲਿਸ ਦੇ ਥਾਣਾ ਸੈਕਟਰ-36 ਦੀ ਪੁਲਿਸ ਨੇ ਸਾਬਕਾ ਏ.ਆਈ.ਜੀ. ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।