#PUNJAB

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

-11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ
– ਗ੍ਰਿਫਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਕੇ ਪੰਜਾਬ ‘ਚ ਕਰ ਰਹੇ ਸਨ ਸਪਲਾਈ : ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਨ੍ਹਾਂ ਵਿਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ।
ਡੀ.ਜੀ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਆਧਾਰਿਤ ਉਨ੍ਹਾਂ ਦੇ ਸਾਥੀਆਂ ਤੋਂ ‘ਹਵਾਲਾ’ ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਅਮਰੀਕਾ ਆਧਾਰਿਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ।
ਮੁੱਢਲੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਸਬੰਧੀ ਪੁਲਿਸ ਸਟੇਸ਼ਨ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Leave a comment