#PUNJAB

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

– ਸੀ.ਪੀਜ਼/ ਐੱਸ.ਐੱਸ.ਪੀਜ਼ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਨੂੰ ਸ਼ਾਮਲ ਕਰਨ ਲਈ ਆਪੋ-ਆਪਣੇ ਜ਼ਿਲ੍ਹਿਆਂ ਵਿਚ ਖੇਡ ਸਮਾਗਮ, ਸਾਈਕਲੋਥਨ, ਡਰਾਮੇ, ਸੈਮੀਨਾਰ ਕਰਵਾਉਣਗੇ
ਚੰਡੀਗੜ੍ਹ, 17 ਜੂਨ  (ਪੰਜਾਬ ਮੇਲ)- ਪੰਜਾਬ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ, ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ (ਸੀ.ਪੀਜ਼/ ਐੱਸ.ਐੱਸ.ਪੀਜ਼) ਆਪੋ-ਆਪਣੇ ਜ਼ਿਲ੍ਹਿਆਂ ‘ਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਨਗੇ, ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਸਥਾਵਾਂ (ਐੱਨ.ਜੀ.ਓਜ਼), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਇਸ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ।
ਇਸ ਮੁਹਿੰਮ ਦੌਰਾਨ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬਾਲ, ਸਾਈਕਲੋਥਨ, ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਰਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।