#PUNJAB

ਪੰਜਾਬ ਵਿਧਾਨ ਸਭਾ ਚੋਣਾਂ 2027: ਡਾ. ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ

ਚੰਡੀਗੜ੍ਹ, 7 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਹਲਚਲ ਵੇਖਣ ਨੂੰ ਮਿਲੀ, ਜਦੋਂ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਬਣਾਉਣ ਦਾ ਐਲਾਨ ਕਰ ਦਿੱਤਾ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਗੁੰਝਲਦਾਰ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਐਲਾਨ ਡਾ. ਸਿੱਧੂ ਦੇ ਕਾਂਗਰਸ ਵਿਚੋਂ ਨਿਸ਼ਕਾਸਨ ਦੇ ਮਹਿਜ਼ ਦੋ ਮਹੀਨੇ ਬਾਅਦ ਆਇਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਤਿੱਖੇ ਹਮਲੇ ਕੀਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ।
ਡਾ. ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇਸ ਫੈਸਲੇ ਨੂੰ ‘ਰੱਬੀ ਫੁਰਮਾਨ’ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਗੁਆਚੀ ਹੋਈ ਸ਼ਾਨ ਬਹਾਲ ਕਰਕੇ ਇਸ ਨੂੰ ਮੁੜ ‘ਸੁਨਹਿਰੀ ਰਾਜ’ ਬਣਾਉਣ ਲਈ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਪਾਰਟੀ ਨਿਆਂ, ਸ਼ਾਂਤੀ ਅਤੇ ਅਧਿਆਤਮਿਕ ਗੁਣਾਂ ‘ਤੇ ਅਧਾਰਿਤ ਹੋਵੇਗੀ। ਹਾਲਾਂਕਿ, ਨਵਜੋਤ ਸਿੰਘ ਸਿੱਧੂ ਦੀ ਇਸ ਨਵੀਂ ਪਾਰਟੀ ਵਿਚ ਭੂਮਿਕਾ ਅਜੇ ਵੀ ਰਹੱਸ ਬਣੀ ਹੋਈ ਹੈ, ਕਿਉਂਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਅਜੇ ਵੀ ਗਾਂਧੀ ਪਰਿਵਾਰ ਦੀਆਂ ਤਸਵੀਰਾਂ ਹਨ ਅਤੇ ਉਹ ਸਿਆਸਤ ਤੋਂ ਦੂਰ ਸ਼ੋਅਬਿਜ਼ ਵਿਚ ਰੁੱਝੇ ਹੋਏ ਹਨ। ਸਿਆਸੀ ਮਾਹਿਰ ਇਸ ਕਦਮ ਨੂੰ ਵਿਰੋਧੀ ਵੋਟਾਂ ਦੇ ਖਿੰਡਾਅ ਵਜੋਂ ਦੇਖ ਰਹੇ ਹਨ।