#PUNJAB

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 ਐਫਆਈਆਰ ਦਰਜ

– 7990 ਮਾਮਲਿਆਂ ਵਿੱਚ ਲਗਾਇਆ 1.87 ਕਰੋੜ ਰੁਪਏ ਦਾ ਜੁਰਮਾਨਾ
– ਪੰਜਾਬ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਕੀਤੀਆਂ ਜਾ ਰਹੀਆਂ ਹਨ ਰੋਜ਼ਾਨਾ ਮੀਟਿੰਗਾਂ
– ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ ਪਰਾਲੀ ਸਾੜਨ ’ਤੇ ਰੱਖ ਰਹੇ ਹਨ ਬਾਜ਼ ਅੱਖ
ਚੰਡੀਗੜ੍ਹ, 20 ਨਵੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਬਣਦੀ ਹੈ। ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਪਰਾਲੀ ਸਾੜਨ ਨੂੰ ਰੋਕਣ ਸਬੰਧੀ ਨੋਡਲ ਅਫ਼ਸਰ ਵੀ ਹਨ , ਨੇ ਦਿੱਤੀ।
ਉਨ੍ਹਾਂ ਕਿਹਾ, “ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।”
ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਜ਼ਿਲਿ੍ਹਆਂ , ਜਿੱਥੇ ਪਰਾਲੀ ਸਾੜਨ ਦੇ ਮਾਮਲੇ ਬਹੁਤ ਜ਼ਿਆਦਾ ਹਨ , ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ, 2023 ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ (ਰੈੱਡ ਐਂਟਰੀਜ਼) ਵੀ ਕੀਤੀਆਂ ਗਈਆਂ ਹਨ।
ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਉਡਣ ਦਸਤੇ ਪਰਾਲੀ ਸਾੜਨ ’ਤੇ ਨਜ਼ਰ ਰੱਖ ਰਹੇ ਹਨ, ਜਦਕਿ ਸੀ.ਪੀ./ਐਸ.ਐਸ.ਪੀਜ਼ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀ.ਐਸ.ਪੀਜ਼ ਬਲਾਕ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2587 ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ।