ਚੰਡੀਗੜ੍ਹ, 11 ਅਪ੍ਰੈਲ (ਪੰਜਾਬ ਮੇਲ)- ਗੰਭੀਰ ਅਪਰਾਧਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਪੰਜਾਬ ਸਰਕਾਰ ਨੇ ਪੁਲਿਸ ਨੂੰ ਇੱਕ ਨਵੀਂ ‘ਇਨਾਮ ਨੀਤੀ’ ਤਹਿਤ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਸੂਚਨਾਕਾਰਾਂ ਨੂੰ ਇਨਾਮ ਦੇਣ ਦਾ ਅਧਿਕਾਰ ਦਿੱਤਾ ਹੈ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਇਸ ਨੀਤੀ ਦੇ ਨਾਲ ਹੀ 28 ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
ਨਵੇਂ ਨਿਯਮਾਂ ਅਨੁਸਾਰ, ਐੱਸ.ਐੱਸ.ਪੀ. ਇੱਕ ਲੱਖ ਰੁਪਏ ਤੱਕ, ਪੁਲਿਸ ਕਮਿਸ਼ਨਰ ਅਤੇ ਆਈ.ਜੀ. 1.5 ਲੱਖ ਰੁਪਏ ਤੱਕ ਅਤੇ ਵਿੰਗਾਂ ਦੇ ਮੁਖੀ (ਏ.ਡੀ.ਜੀ.ਪੀ.) ਦੋ ਲੱਖ ਰੁਪਏ ਤੱਕ ਦੇ ਇਨਾਮ ਨੂੰ ਮਨਜ਼ੂਰੀ ਦੇ ਸਕਦੇ ਹਨ, ਜਦੋਂਕਿ ਦੋ ਲੱਖ ਤੋਂ ਵੱਧ ਦੀ ਰਾਸ਼ੀ ਲਈ ਡੀ.ਜੀ.ਪੀ. ਦੀ ਮਨਜ਼ੂਰੀ ਲੋੜੀਂਦੀ ਹੋਵੇਗੀ। ਇਨਾਮ ਦੀ ਰਾਸ਼ੀ ਜਾਣਕਾਰੀ ਦੀ ਗੁਣਵੱਤਾ ਅਤੇ ਅਪਰਾਧ ਦੀ ਗੰਭੀਰਤਾ ਦੇ ਆਧਾਰ ‘ਤੇ ਤੈਅ ਕੀਤੀ ਜਾਵੇਗੀ।
ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 939-469-3946 ‘ਤੇ ਸਾਂਝੀ ਕੀਤੀ ਜਾ ਸਕਦੀ ਹੈ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਇਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਹੁਣ ਤੱਕ ਇਸ ਮੁਹਿੰਮ ਤਹਿਤ 56,487 ਛਾਪੇਮਾਰੀ ਕੀਤੀ ਗਈ ਹੈ, ਜਿਸ ਵਿਚ 19,894 ਗ੍ਰਿਫਤਾਰੀਆਂ ਹੋਈਆਂ ਹਨ ਅਤੇ 851 ਭਗੌੜੇ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ ਹੈ।
ਪੰਜਾਬ ਸਰਕਾਰ ਅਪਰਾਧੀਆਂ ਦੀ ਸੂਚਨਾ ਦੇਣ ਵਾਲਿਆਂ ਨੂੰ ਦੇਵੇਗੀ ਇਨਾਮ: ਨਵੀਂ ਨੀਤੀ ਨੂੰ ਮਨਜ਼ੂਰੀ

