#PUNJAB

ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਨੂੰ ਬਰੇਕਾਂ

-ਰੇਲਵੇ ਨੇ ਡੇਢ ਮਹੀਨੇ ਤੱਕ ਗੱਡੀਆਂ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਕੇਂਦਰੀ ਰੇਲ ਮੰਤਰਾਲੇ ਦੇ ਅੜਿੱਕੇ ਕਾਰਨ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਬਰੇਕ ਲੱਗ ਗਈ ਹੈ। ਕੇਂਦਰ ਸਰਕਾਰ ਨੇ ਆਉਂਦੇ ਡੇਢ ਮਹੀਨੇ ਦੌਰਾਨ ਪੰਜਾਬ ਨੂੰ ਇਸ ਸਕੀਮ ਤਹਿਤ ਰੇਲਾਂ ਦੇਣ ਤੋਂ ਅਸਮਰੱਥਾ ਜ਼ਾਹਿਰ ਕਰ ਦਿੱਤੀ ਹੈ। ਭਾਰਤੀ ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਪੰਜਾਬ ਸਰਕਾਰ ਨੂੰ ਜ਼ੁਬਾਨੀ ਤੌਰ ‘ਤੇ ਸੂਚਿਤ ਕਰ ਦਿੱਤਾ ਹੈ ਕਿ ਉਹ ਫਰਵਰੀ ਮਹੀਨੇ ਤੋਂ ਹੀ ਰੇਲਾਂ ਦੇ ਸਕਣਗੇ। ਸੂਬਾ ਸਰਕਾਰ ਹੁਣ ਰੇਲਵੇ ਦੇ ਪੱਤਰ ਦੀ ਉਡੀਕ ਕਰ ਰਹੀ ਹੈ। ਬੇਸ਼ੱਕ ਰੇਲਵੇ ਵੱਲੋਂ ਇਸ ਸਬੰਧੀ ਕਈ ਬਹਾਨੇ ਘੜੇ ਜਾ ਰਹੇ ਹਨ ਪ੍ਰੰਤੂ ਸਿਆਸੀ ਹਲਕਿਆਂ ਮੁਤਾਬਕ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀ ‘ਤੀਰਥ ਯਾਤਰਾ’ ਸਕੀਮ ਨੂੰ ਫਲਾਪ ਕਰਨ ਦੇ ਰੌਂਅ ਵਿਚ ਹੈ। ਇਸੇ ਕਾਰਨ ਪੰਜਾਬ ‘ਚੋਂ ਹਾਲੇ ਤੱਕ ਤੀਰਥ ਯਾਤਰਾ ਲਈ ਸਿਰਫ਼ ਇਕ ਹੀ ਰੇਲ ਜਾ ਸਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੀਮ ਦਾ ਆਗਾਜ਼ ਕਰਦਿਆਂ ਯਾਤਰੀਆਂ ਦਾ ਪਹਿਲਾ ਜਥਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ। ਭਾਰਤੀ ਰੇਲਵੇ ਦੇ ਅੜਿੱਕੇ ਕਰਕੇ 6 ਦਸੰਬਰ ਨੂੰ ਜਲੰਧਰ ਤੋਂ ਵਾਰਾਨਸੀ ਲਈ ਜਾਣ ਵਾਲੀ ਗੱਡੀ ਵੀ ਰੱਦ ਹੋ ਗਈ ਸੀ, ਜਿਸ ਕਰਕੇ ਯਾਤਰੀ ਰਵਾਨਾ ਨਹੀਂ ਹੋ ਸਕੇ ਸਨ। ਰੇਲਵੇ ਨੇ ਤੈਅ ਪ੍ਰੋਗਰਾਮ ਤੋਂ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਟਰੇਨ ਪ੍ਰੋਗਰਾਮ ਰੱਦ ਹੋਣ ਦਾ ਸੁਨੇਹਾ ਦਿੱਤਾ ਸੀ। ਹੁਣ 15 ਦਸੰਬਰ ਨੂੰ ਮਾਲੇਰਕੋਟਲਾ ਤੋਂ ਅਜਮੇਰ ਸ਼ਰੀਫ਼ ਲਈ ਗੱਡੀ ਜ਼ਰੀਏ ਸ਼ਰਧਾਲੂਆਂ ਦਾ ਜਥਾ ਜਾਣਾ ਸੀ ਪ੍ਰੰਤੂ ਅੱਜ ਫਿਰ ਰੇਲਵੇ ਨੇ ਗੱਡੀ ਦੇਣ ਤੋਂ ਅਸਮਰੱਥਾ ਜਤਾ ਦਿੱਤੀ ਹੈ।
ਪੰਜਾਬ ਸਰਕਾਰ ਨੇ 15 ਦਸੰਬਰ ਵਾਲੀ ਗੱਡੀ ਦੇ 1.34 ਕਰੋੜ ਰੁਪਏ ਰੇਲਵੇ ਕੋਲ ਜਮ੍ਹਾ ਵੀ ਕਰਵਾਏ ਹੋਏ ਸਨ। ਰੇਲਵੇ ਅਧਿਕਾਰੀ ਆਖ ਰਹੇ ਹਨ ਕਿ ਜਨਰੇਟਰ ਕਾਰਾਂ ਦੀ ਕਮੀ ਕਰਕੇ ਏ.ਸੀ. ਰੇਲਾਂ ਦੀ ਉਪਲੱਬਧਤਾ ਨਹੀਂ ਹੈ ਅਤੇ ਕੋਲਾ ਰੈਕ ਆਉਣ ਕਰਕੇ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਦੇ ਅਧਿਕਾਰੀ ਦਲੀਲ ਦੇ ਰਹੇ ਹਨ ਕਿ ਜਦੋਂ ਬਕਾਇਦਾ ਐੱਮ.ਓ.ਯੂ. ਸਾਈਨ ਹੋਇਆ ਹੈ ਅਤੇ ਰਾਸ਼ੀ ਵੀ ਐਡਵਾਂਸ ਵਿਚ ਦਿੱਤੀ ਜਾ ਰਹੀ ਹੈ, ਤਾਂ ਅਜਿਹਾ ਕਿਉਂ ਹੋ ਰਿਹਾ ਹੈ। ਦੱਸਣਯੋਗ ਹੈ ਕਿ ‘ਆਪ’ ਸਰਕਾਰ ਵੱਲੋਂ ਵਰ੍ਹਾ 2023-24 ਲਈ ਇਸ ਸਕੀਮ ਤਹਿਤ 40 ਕਰੋੜ ਦਾ ਬਜਟ ਰੱਖਿਆ ਗਿਆ ਹੈ। ਚਾਲੂ ਵਿੱਤੀ ਵਰ੍ਹੇ ਦੌਰਾਨ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ 13 ਰੇਲਾਂ ਧਾਰਮਿਕ ਅਸਥਾਨਾਂ ਲਈ ਭੇਜੇ ਜਾਣ ਦਾ ਪ੍ਰੋਗਰਾਮ ਸੀ ਅਤੇ ਹਰ ਹਫ਼ਤੇ ਇਕ ਗੱਡੀ ਰਵਾਨਾ ਹੋਣੀ ਸੀ ਤੇ ਪ੍ਰਤੀ ਗੱਡੀ ਇਕ ਹਜ਼ਾਰ ਯਾਤਰੀ ਜਾਣੇ ਸਨ। ਪੰਜਾਬ ਸਰਕਾਰ ਨੇ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨਾਲ ਬਕਾਇਦਾ ਐੱਮ.ਓ.ਯੂ. ਸਾਈਨ ਕੀਤਾ ਹੋਇਆ ਹੈ। ਦੂਜੇ ਪਾਸੇ ਪੰਜਾਬ ਵਿਚਲੇ ਤਖ਼ਤਾਂ ਦੀ ਯਾਤਰਾ ਲਈ ਬੱਸਾਂ ਰਾਹੀਂ ਯਾਤਰੀਆਂ ਨੂੰ ਭੇਜਿਆ ਜਾ ਰਿਹਾ ਹੈ। ਇਸ ਯਾਤਰਾ ਦੀ ਰੂਪ-ਰੇਖਾ ਲਈ ਕੈਬਨਿਟ ਸਬ-ਕਮੇਟੀ ਬਣੀ ਹੋਈ ਹੈ, ਜਿਸ ਵਿਚ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਅਮਨ ਅਰੋੜਾ ਸ਼ਾਮਲ ਹਨ।

ਰੇਲਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ : ਮੁੱਖ ਸਕੱਤਰ
ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਉਹ ਰੇਲਵੇ ਤੋਂ ਗੱਡੀਆਂ ਲੈਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਅੱਜ ਹੀ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਬੱਸਾਂ ਦੀ ਗਿਣਤੀ ਵਧਾ ਕੇ ਰੋਜ਼ਾਨਾ ਦੀ 10 ਕਰ ਦਿੱਤੀ ਗਈ ਹੈ ਅਤੇ ਹਫ਼ਤੇ ਵਿਚ ਇਕ ਗੱਡੀ ਭੇਜਣ ਦੀ ਯੋਜਨਾ ਸੀ।