#PUNJAB

ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਐੱਮ.ਪੀ. ਅੰਮ੍ਰਿਤਪਾਲ ਦੀ ਲਗਾਤਾਰ ਨਜ਼ਰਬੰਦੀ ਨੂੰ ਸਹੀ ਠਹਿਰਾਇਆ

ਕਿਹਾ : ਅੰਮ੍ਰਿਤਪਾਲ ਦੀ ਰਿਹਾਈ ਦੇਸ਼ ਦੀ ਸੁਰੱਖਿਆ ਨੂੰ ਵੱਡਾ ਖ਼ਤਰਾ
ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲਗਾਤਾਰ ਨਜ਼ਰਬੰਦੀ ਨੂੰ ਸਹੀ ਠਹਿਰਾਇਆ ਹੈ। ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਨੁਪਮ ਗੁਪਤਾ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਰਿਹਾਈ ਨਾਲ ਦੇਸ਼ ਦੀ ਸੁਰੱਖਿਆ ਨੂੰ ਵੱਡਾ ਖ਼ਤਰਾ ਹੋ ਸਕਦਾ ਹੈ। ਸਰਕਾਰ ਨੇ ਨਜ਼ਰਬੰਦੀ ਦੇ ਦੋ ਮੁੱਖ ਕਾਰਨ ਦੱਸੇ ਹਨ।
ਸਰਕਾਰ ਮੁਤਾਬਕ ਇਕ ਲਿਸਟ ਮਿਲੀ ਹੈ, ਜਿਸ ਵਿਚ 15 ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਇਹ ਉਹ ਲੋਕ ਹਨ, ਜੋ ਅੰਮ੍ਰਿਤਪਾਲ ਦੇ ਵਿਰੋਧੀ ਸਨ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਦੇ ਅਰਸ਼ ਡੱਲਾ ਵਰਗੇ ਨਾਮੀ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਗੂੜ੍ਹੇ ਸਬੰਧ ਹਨ।
ਅਦਾਲਤ ਵਿਚ ਇਹ ਵੀ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਗੱਲਬਾਤ ਕਰਨ ਲਈ ‘ਜੰਗੀ’ ਨਾਂ ਦੀ ਇਕ ਖਾਸ ਐਪ ਦੀ ਵਰਤੋਂ ਕਰਦੇ ਸਨ। ਇਹ ਐਪ ਵ੍ਹਟਸਐਪ ਨਾਲੋਂ ਕਿਤੇ ਜ਼ਿਆਦਾ ਸੁਰੱਖਿਅਤ ਹੈ, ਜਿਸ ਕਾਰਨ ਖੁਫੀਆ ਏਜੰਸੀਆਂ ਲਈ ਵੀ ਇਸ ਨੂੰ ਟਰੈਕ ਕਰਨਾ ਮੁਸ਼ਕਿਲ ਸੀ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਆਪਣੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਉਨ੍ਹਾਂ ਦੇ ਵਕੀਲਾਂ ਦੀ ਦਲੀਲ ਹੈ ਕਿ ਸਰਕਾਰ ਕੋਲ ਉਨ੍ਹਾਂ ਵਿਰੁੱਧ ਕੋਈ ਪੁਖਤਾ ਸਬੂਤ ਨਹੀਂ ਹਨ ਅਤੇ ਅਪ੍ਰੈਲ 2023 ਤੋਂ ਉਨ੍ਹਾਂ ਨੂੰ ਬਿਨਾਂ ਵਜ੍ਹਾ ਕੈਦ ਵਿਚ ਰੱਖਣਾ ਸੰਵਿਧਾਨਿਕ ਹੱਕਾਂ ਦੀ ਉਲੰਘਣਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।