#PUNJAB

ਪੰਜਾਬ ਸਰਕਾਰ ਵੱਲੋਂ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐੱਨ.ਆਰ.ਆਈਜ਼ ਨਾਲ ਵਿਸ਼ੇਸ਼ ਮਿਲਣੀ ਆਯੋਜਿਤ

-ਪੰਜਾਬ ਦੇ ਐੱਨ.ਆਰ.ਆਈ. ਮੰਤਰੀ ਨੇ ਸੰਗਰੂਰ ‘ਚ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਅਤੇ ਸ਼ਿਕਾਇਤਾਂ ਸੁਣਨ ਲਈ ਕੀਤੀ ਮਿਲਣੀ
ਧੂਰੀ/ਸੰਗਰੂਰ, 29 ਫ਼ਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐੱਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ ਵਚਨਬੱਧ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੰਗਰੂਰ ਵਿਖੇ ਸੂਬੇ ਦੇ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐੱਨ.ਆਰ.ਆਈਜ਼ ਨਾਲ ਵਿਸ਼ੇਸ਼ ਮਿਲਣੀ ਕਰਨ ਇੱਥੇ ਪਹੁੰਚੇ ਹੋਏ ਸਨ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐੱਨ.ਆਰ.ਆਈ. ਮਿਲਣੀ ਵਿਚ ਸੰਗਰੂਰ ਦੇ ਨਾਲ-ਨਾਲ ਪਟਿਆਲਾ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਲੁਧਿਆਣਾ ਅਤੇ ਬਠਿੰਡਾ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੀਆਂ 89 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਬਹੁਤ ਸਾਰੀਆਂ ਦਾ ਨਿਪਟਾਰਾ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਜਿਹੜੀਆਂ ਦਰਖਾਸਤਾਂ ਲਈ ਜਾਂਚ ਜਾਂ ਰਿਕਾਰਡ ਵਾਚਣ ਦੀ ਲੋੜ ਹੈ, ਉਨ੍ਹਾਂ ਦਾ ਹੱਲ ਵੀ 31 ਮਾਰਚ ਤੱਕ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਬਸ਼ਰਤੇ ਕਿ ਕੋਈ ਮਸਲਾ ਮਾਨਯੋਗ ਅਦਾਲਤਾਂ ਵਿਚ ਵਿਚਾਰ ਅਧੀਨ ਨਾ ਹੋਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਐੱਨ.ਆਰ.ਆਈ. ਮਿਲਣੀਆਂ ਦੌਰਾਨ ਸੂਬੇ ਵਿਚ 605 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 597 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਵੀ ਪੰਜਾਬ ਸਰਕਾਰ ਵੱਲੋਂ 4 ਐੱਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਸ਼ੁਰੂਆਤ 3 ਫਰਵਰੀ ਨੂੰ ਪਠਾਨਕੋਟ ਤੋਂ ਕੀਤੀ ਗਈ ਸੀ।