#PUNJAB

ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ. ਪਰਮਪਾਲ ਕੌਰ ਦਾ ਅਸਤੀਫ਼ਾ ਨਾਮਨਜ਼ੂਰ

-ਸੂਬਾ ਸਰਕਾਰ ਨੇ ਦਿੱਤੇ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ
ਚੰਡੀਗੜ੍ਹ, 8 ਮਈ (ਪੰਜਾਬ ਮੇਲ)- ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਆਈ.ਏ.ਐੱਸ. ਅਧਿਕਾਰੀ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਆਈ.ਏ.ਐੱਸ. ਅਧਿਕਾਰੀ ਨੂੰ ਨੋਟਿਸ ਜਾਰੀ ਕਰਦਿਆਂ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਪੱਤਰ ਵਿਚ ਕਿਹਾ ਹੈ ਕਿ ਆਈ.ਏ.ਐੱਸ. ਅਧਿਕਾਰੀ ਨੇ ਵੀ.ਆਰ.ਐੱਸ. ਅਪਲਾਈ ਕਰਦੇ ਹੋਏ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਨੂੰ ਮੁਆਫ ਕਰਨ ਦੀ ਮੰਗ ਕੀਤੀ ਸੀ। ਇਸ ਪੱਤਰ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਮਾਂ 81 ਸਾਲ ਦੇ ਹਨ, ਜਿਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ ਅਤੇ ਘਰ ਵਿਚ ਕੋਈ ਹੋਰ ਨਾ ਹੋਣ ਕਰਕੇ ਦੇਖਭਾਲ ਕਰਨ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਵੀ.ਆਰ.ਐੱਸ. ਲਈ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ ਮੁਆਫ ਕੀਤਾ ਜਾਵੇ। ਸੂਬਾ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇਂ ਤੁਹਾਡਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ, ਪਰ ਨਿਯਮਾਂ ਅਨੁਸਾਰ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ ਮੁਆਫ ਕਰਨ ਦਾ ਅਧਿਕਾਰ ਸੂਬਾ ਸਰਕਾਰ ਕੋਲ ਹੈ। ਪੱਤਰ ਵਿਚ ਸੂਬਾ ਸਰਕਾਰ ਨੇ ਕਿਹਾ ਕਿ ਆਈ.ਏ.ਐੱਸ. ਅਧਿਕਾਰੀ ਨੇ ਆਪਣੇ ਪੱਤਰ ਵਿਚ ਜੋ ਕਾਰਨ ਦੱਸੇ ਸਨ, ਉਹ ਉਸ ਦੇ ਉਲਟ ਬਠਿੰਡਾ ਵਿਖੇ ਇਕ ਮਹੀਨੇ ਤੋਂ ਰਾਜਸੀ ਗਤੀਵੀਧੀਆਂ ਵਿਚ ਸ਼ਾਮਲ ਹੋ ਰਹੇ ਹਨ। ਸੂਬਾ ਸਰਕਾਰ ਨੇ ਕਿਹਾ ਕਿ ਪੰਜਾਬ ਵਿਚ 231 ਆਈ.ਏ.ਐੱਸ. ਅਧਿਕਾਰੀਆਂ ਦੀਆਂ ਅਸਾਮੀਆਂ ਹਨ, ਪਰ ਤਾਇਨਾਤ 192 ਹਨ। ਇਸ ਲਈ ਹੋਰਨਾਂ ਅਧਿਕਾਰੀਆਂ ਨੂੰ ਵਾਧੂ ਚਾਰਜ ਦੇਣੇ ਪੈ ਰਹੇ ਹਨ। ਸੂਬਾ ਸਰਕਾਰ ਨੇ ਕਿਹਾ ਕਿ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਨੇ ਐੱਮ.ਡੀ. ਪੀ.ਐੱਸ.ਆਈ.ਡੀ.ਸੀ. ਦੇ ਅਹੁਦਾ ਗਲਤ ਢੰਗ ਨਾਲ ਛੱਡਿਆ ਹੈ।