ਪੰਜਾਬ ਸਰਕਾਰ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵੀ.ਆਰ.ਐੱਸ. ਦੀ ਅਰਜ਼ੀ ਮਨਜ਼ੂਰ

141
Share

-ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਰਿਪੋਰਟ
ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)- ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲੇ ਵਿਚ ਗਠਿਤ ਐੱਸ. ਆਈ. ਟੀ. ਦੇ ਮੁਖੀ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵੀ. ਆਰ. ਐੱਸ. ਦੀ ਮੰਗ ਨੂੰ ਸੂਬਾ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਰਿਪੋਰਟ ਭੇਜ ਦਿੱਤੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ. ਆਰ. ਐੱਸ. ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਵਿਭਾਗ ਅਤੇ ਡੀ.ਜੀ.ਪੀ. ਨੂੰ ਅਰਜ਼ੀ ਲਾਈ ਸੀ।
ਦੱਸਣਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਦੇ ਇਸ ਫ਼ੈਸਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵੀ.ਆਰ.ਐੱਸ. ਲੈਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਕੇ ਇਸ ਨੂੰ ਵਾਪਸ ਲੈਣ ਦੀ ਗੱਲ ਕਹੀ ਸੀ, ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਨਹੀਂ ਮੰਨੇ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਮਗਰੋਂ ਇਹ ਕਿਹਾ ਸੀ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੇ ਹੀ ਮੁੱਖ ਮੰਤਰੀ ਨੂੰ ਇਸ ਸਬੰਧੀ ਮਨਾ ਲਿਆ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵੀ.ਆਰ.ਐੱਸ. ਦੀ ਅਰਜ਼ੀ ਮਨਜ਼ੂਰ ਹੋਣ ਦੇ ਬਾਅਦ ਉਨ੍ਹਾਂ ਕਿਹਾ ਕਿ ਉਹ ਬਹਿਬਲਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਨੂੰ ਲੈ ਕੇ ਹਮੇਸ਼ਾ ਸਰਕਾਰ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਇਸ ਮਾਮਲੇ ਵਿਚ ਹੋਈ ਜਾਂਚ ਪੂਰੀ ਇਮਾਨਦਾਰੀ ਨਾਲ ਕੀਤੀ ਗਈ ਹੈ।

Share