ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ, ਏਕਾਂਤਵਾਸ ਸਥਾਪਤ ਕਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸ਼ੁਰੂ

644
Share

– 2 ਦਿਨਾਂ ਵਿੱਚ 233 ਟੈਸਟ ਕੀਤੇ, 7 ਪਾਜ਼ੇਟਿਵ ਪਾਏ ਗਏ; ਸੂਬੇ ਵਿੱਚ ਕੋਵਿਡ-19 ਦੇ ਕੇਸਾਂ ਦੀ ਕੁੱਲ ਗਿਣਤੀ 38 ਹੋਈ

–  ਮੁੱਖ ਮੰਤਰੀ ਨੇ ਸਰਪੰਚਾਂ ਨੂੰ ਕਰਫਿਊ ਰਾਹਤ ਲਈ ਪੰਚਾਇਤ ਫੰਡ ਵਰਤਣ ਅਤੇ ਮੈਡੀਕਲ ਐਮਰਜੈਂਸੀ ਲਈ ਪਾਸ ਜਾਰੀ ਕਰਨ ਲਈ ਅਧਿਕਾਰਤ ਕੀਤਾ

– ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲੈਣ ਲਈ ਫੀਲਡ ਵਿੱਚ ਤਾਇਨਾਤ ਪੁਲਿਸ ਕਰਮੀਆਂ ਤੇ ਡਾਕਟਰਾਂ ਨਾਲ ਵੀਡਿਓ ਚੈਟ ਕੀਤੀ

ਚੰਡੀਗੜ੍ਹ, 27 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ ਅਤੇ ਏਕਾਂਤਵਾਸ ਸਥਾਪਤ ਕਰਨ ਦੀਆਂ ਸਹੂਲਤਾਂ ਸਥਾਪਤ ਕਰਨ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਰਫਿਊ ਦੌਰਾਨ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਰਪੰਚਾਂ ਨੂੰ ਐਮਰਜੈਂਸੀ ਰਾਹਤ ਅਤੇ ਗਰੀਬਾਂ ਤੇ ਲੋੜਵੰਦਾਂ ਦੀ ਮੱਦਦ ਲਈ ਪੰਚਾਇਤ ਫੰਡ ਦੀ ਵਰਤੋਂ ਲਈ ਅਧਿਕਾਰਤ ਕੀਤਾ ਹੈ।
ਸਰਪੰਚ ਨੂੰ ਪੰਚਾਇਤ ਫੰਡ ਵਿੱਚੋਂ ਰੋਜ਼ਾਨਾ 5000 ਰੁਪਏ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਉਹ ਵੱਧ ਤੋਂ ਵੱਧ ਕੁੱਲ 50 ਹਜ਼ਾਰ ਰੁਪਏ ਤੱਕ ਖਰਚ ਸਕਦੇ ਹਨ। ਇਸ ਤੋਂ ਇਲਾਵਾ ਸਰਪੰਚਾਂ ਨੂੰ ਸਬੰਧਤ ਪਿੰਡ ਵਿੱਚ ਮੈਡੀਕਲ ਐਮਰਜੈਂਸੀ ਦੀ ਹਾਲਤ ਵਿੱਚ ਰਾਤ 7 ਵਜੇ ਤੋਂ ਸਵੇਰੇ 6 ਵਜੇ ਤੱਕ ਪਾਸ ਜਾਂ ਪੱਤਰ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਤਾਂ ਜੋ ਲੋੜਵੰਦ ਵਿਅਕਤੀ ਡਾਕਟਰ ਕੋਲ ਜਾਂ ਹਸਪਤਾਲ ਜਾ ਕੇ ਆਪਣਾ ਇਲਾਜ ਕਰਵਾ ਸਕੇ।
ਸਰਕਾਰੀ ਬੁਲਾਰੇ ਅਨੁਸਾਰ ਇਹ ਪਹਿਲਕਦਮੀਆਂ ਸਰਕਾਰ ਦੀਆਂ ਪਿੰਡਾਂ ਤੱਕ ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਰਾਹਤ ਦੇਣ ਲਈ ਚੁੱਕੀਆਂ ਗਈਆਂ ਹਨ ਤਾਂ ਜੋ ਕੋਵਿਡ-19 ਦੇ ਸੰਕਟ ਦੌਰਾਨ ਲੱਗੇ ਕਰਫਿਊ ਕਾਰਨ ਲੋਕਾਂ ਨੂੰ ਹੋ ਰਹੀਆਂ ਦੁਸ਼ਵਾਰੀਆਂ ਘੱਟ ਹੋ ਸਕਣ।
ਮੁੱਖ ਮੰਤਰੀ ਜੋ ਨਿੱਜੀ ਤੌਰ ‘ਤੇ ਸੂਬੇ ਵਿੱਚ ਸਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਨੇ ਕੋਵਿਡ-19 ਦੇ ਟੈਸਟਾਂ ਦੀ ਜਾਂਚ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ। ਪਿਛਲੇ ਸਿਰਫ ਦੋ ਦਿਨਾਂ ਵਿੱਚ 233 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 7 ਟੈਸਟ ਪਾਜ਼ੇਟਿਵ ਪਾਏ ਗਏ ਹਨ। ਇਸ ਤਰ੍ਹਾਂ ਸੂਬੇ ਵਿੱਚ ਹੁਣ ਤੱਕ ਟੈਸਟ ਕੀਤੇ ਨਮੂਨਿਆਂ ਦੀ ਗਿਣਤੀ 789 ਹੋ ਗਈ ਹੈ ਜਿਨ੍ਹਾਂ ਵਿੱਚੋਂ 38 ਪਾਜ਼ੇਟਿਵ ਤੇ 480 ਨੈਗੇਟਿਵ ਪਾਏ ਗਏ ਹਨ ਜਦੋਂ ਕਿ 271 ਦੀ ਰਿਪੋਰਟ ਹਾਲੇ ਆਉਣੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਤੱਕ ਸੂਬੇ ਵਿੱਚ ਪਾਜ਼ੇਟਿਵ ਪਾਏ 38 ਕੇਸਾਂ ਵਿੱਚੋਂ ਇਕ ਦੀ ਮੌਤ ਹੋਈ ਅਤੇ ਇਕ ਮਰੀਜ਼ ਠੀਕ ਹੋਇਆ ਹੈ। ਸਾਰੇ ਪੁਸ਼ਟੀ ਵਾਲੇ ਕੇਸਾਂ ਦਾ ਇਲਾਜ ਵਧੀਆ ਚੱਲ ਰਹੀਆਂ ਹੈ ਅਤੇ ਕਿਸੇ ਨੂੰ ਕੋਈ ਸ਼ਿਕਾਇਤ ਨਹੀਂ ਹੈ।
ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਾਰੀ ਸਥਿਤੀ ‘ਤੇ ਬੜੇ ਨੇੜੇ ਤੋਂ ਨਜ਼ਰ ਰੱਖ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸਭ ਤੋਂ ਅੱਗੇ ਡਟੇ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਪੈਰਾਮੈਡੀਕਲ, ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪੀਪੀਈ ਕਿੱਟਾਂ, ਐਨ-95 ਮਾਸਕ, ਤੀਹਰੀ ਪਰਤ ਵਾਲੇ ਮਾਸਕ, ਸੈਨੀਟਾਈਜ਼ਰ, ਦਸਤਾਨੇ ਆਦਿ ਦੀ ਪੂਰੀ ਸਪਲਾਈ ਪਹੁੰਚ ਰਹੀ ਹੈ। ਬੁਲਾਰੇ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੀ ਦੇਖ-ਭਾਲ, ਸੈਂਪਲ ਇਕੱਠਾ ਕਰਨ, ਆਉਣ-ਜਾਣ, ਕੀਟਾਣੂੰ ਮੁਕਤ ਕਰਨ ਸਮੇਂ ਮਾਸਕ ਅਤੇ ਪੀਪੀਈ ਕਿੱਟਾਂ ਦੀ ਵਰਤੋਂ ਸਬੰਧੀ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ ਹੋਏ ਹਨ।
ਬੁਲਾਰੇ ਨੇ ਕਿਹਾ ਕਿ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਕਦਮ ਚੁੱਕੇ ਗਏ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਵਿਡ-19 ਦੇ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੇ ਇਲਾਜ ਲਈ 2708 ਬਿਸਤਰਿਆਂ ਦੀ ਸਮਰੱਥਾ ਵਾਲੇ 20 ਏਕਾਂਤਵਾਸ ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਹੋਰ ਸਹੂਲਤਾਂ ਦੇ ਨਾਲ ਬਿਸਤਰਿਆਂ ਦੀ ਸਮਰੱਥਾ 5000 ਤੱਕ ਕੀਤੀ ਜਾਵੇ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਨਾਲ ਹੀ ਪ੍ਰਾਈਵੇਟ ਖੇਤਰ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਵੀ ਪ੍ਰਸੰਸਾ ਵੀ ਕੀਤੀ ਕਿਉਂਕਿ ਕਈ ਪ੍ਰਾਈਵੇਟ ਖੇਤਰ ਵਾਲਿਆਂ ਨੇ ਸਵੈ ਇੱਛਾ ਨਾਲ ਆਈ.ਸੀ.ਯੂ. ਬੈਡਾਂ ਅਤੇ ਵੈਟੀਲੈਂਟਰਾਂ ਦੀਆਂ ਸੇਵਾਵਾਂ ਆਫਰ ਕੀਤੀਆਂ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਜ਼ਰੂਰਤ ਪੈਣ ‘ਤੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੁੱਲ 889 ਆਈ.ਸੀ.ਯੂ. ਬੈਡ ਹਨ ਅਤੇ 387 ਵੈਟੀਲੈਂਟਰ ਦੀ ਸਹੂਲਤ ਮੌਜੂਦ ਹੈ।
ਇਸੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠ ਰਹੇ ਕੁੱਝ ਪੁਲਿਸ ਕਰਮਚਾਰੀਆਂ ਅਤੇ ਡਾਕਟਰਾਂ ਨਾਲ ਵੀ ਵੀਡਿਓ ਚੈਟ ਉਤੇ ਗੱਲ ਕੀਤੀ। ਉਨ੍ਹਾਂ ਜ਼ਮੀਨੀ ਪੱਧਰ ਦੀ ਸਥਿਕੀ ਪੁੱਛੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਹਰ ਸਮੇਂ ਮਾਨਵੀ ਤੇ ਨਰਮ ਦਿਲ ਪਹੁੰਚ ਅਪਣਾਉਣ ਲਈ ਵੀ ਅਪੀਲ ਕੀਤੀ।
ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਡਾਕਟਰਾਂ ਅਤੇ ਪੁਲੀਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨਿਭਾਉਣ ਮੌਕੇ ਮਾਸਕ ਪਹਿਨਣ ਸਮੇਤ ਸਾਰੇ ਇਹਤਿਆਦੀ ਕਦਮ ਚੁੱਕਣ ਲਈ ਆਖਿਆ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਡਿਊਟੀ ਨਿਭਾਉਂਦਿਆਂ ਕਿਸੇ ਕਿਸਮ ਦੀ ਮੁਸ਼ਕਲ ਆਉਣ ਬਾਰੇ ਵੀ ਪੁੱਛਿਆ ਅਤੇ ਕਿਸੇ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸੂਬਾ ਸਰਕਾਰ ਪਾਸੋਂ ਪੂਰੀ ਮਦਦ ਦੀ ਪੇਸ਼ਕਸ਼ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।
ਬਾਅਦ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ‘ਟਵੀਟ ਕੀਤਾ,”ਅੱਜ ਡਿਊਟੀ ਨਿਭਾਅ ਰਹੇ ਡਾਕਟਰਾਂ ਅਤੇ ਪੁਲੀਸ ਦੇ ਜਵਾਨਾਂ ਨਾਲ ਗੱਲਬਾਤ ਕੀਤੀ। ਮੈਂ ਸਾਰੇ ਨਾਇਕਾਂ ਨੂੰ ਸਲਾਮ ਕਰਦਾ ਹਾਂ ਜੋ ਕੋਵਿਡ-19 ਦੀ ਹਾਰ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਆਓ, ਆਪਾਂ ਸਾਰੇ ਨਿਯਮਾਂ ਦਾ ਪਾਲਣ ਕਰੀਏ ਕਿਉਂਕਿ ਇਸ ਔਖੇ ਸਮੇਂ ਵਿੱਚ ਇਸੇ ਤਰ੍ਹਾਂ ਹੀ ਅਸੀਂ ਇਨ੍ਹਾਂ ਦੀ ਮਦਦ ਕਰ ਸਕਦੇ ਹਾਂ।”
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸੂਬਾ ਤੇ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ ਤਾਂ ਕਿ ਲੋੜ ਪੈਣ ‘ਤੇ ਹਰੇਕ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਪੁੱਛਗਿੱਛ ਲਈ 104 ਮੈਡੀਕਲ ਹੈਲਪਲਾਈਨ 24 ਘੰਟੇ ਚੱਲ ਰਹੀ ਹੈ।
ਇਸੇ ਦੌਰਾਨ ਸਰਕਾਰ ਵੱਲੋਂ 90,000 ਵਿਅਕਤੀਆਂ ਜੋ 15 ਫਰਵਰੀ 2020 ਤੋਂ ਬਾਅਦ ਵਿਦੇਸ਼ਾਂ ਵਿੱਚੋਂ ਆਏ ਅਤੇ ਪੰਜਾਬ ਦੇ ਪਿੰਡਾਂ ਵਿੱਚ ਗਏ, ਵਿੱਚੋਂ ਹਰੇਕ ਵਿਅਕਤੀ ਦੀ ਭਾਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਜੋਂ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਅਜਿਹੇ ਸਾਰੇ ਵਿਅਕਤੀਆਂ ਨਾਲ ਸਬੰਧਤ ਜਾਣਕਾਰੀ ਇਕੱਤਰ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਾਰੇ ਸਰਪੰਚਾਂ ਨੂੰ ਅਗਲੇ ਦੋ ਦਿਨਾਂ ਦੇ ਵਿੱਚ-ਵਿੱਚ ਵਿਭਾਗ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ। ਇਸ ਪ੍ਰਕ੍ਰਿਆ ਤਹਿਤ ਸੂਚੀ ਲਗਪਗ ਤਿਆਰ ਹੈ ਪਰ ਸਾਵਧਾਨੀ ਦੇ ਤੌਰ ‘ਤੇ ਵਿਭਾਗ ਨੂੰ ਸਰਪੰਚਾਂ ਕੋਲ ਪਹੁੰਚ ਕਰਨ ਲਈ ਕਿਹਾ ਗਿਆ ਹੈ।
ਕੋਵਿਡ-19 ਦੇ ਸੰਕਟ ਕਾਰਨ ਗਰੀਬਾਂ ਨੂੰ ਦਰਪੇਸ਼ ਮੁਸ਼ਕਲਾਂ ਘਟਾਉਣ ਦੇ ਯਤਨਾਂ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਨਾਜ ਦੀ ਵਾਧੂ ਵੰਡ ਨੂੰ ਪਹਿਲਾਂ ਐਲਾਨੇ ਤਿੰਨ ਤੋਂ ਛੇ ਮਹੀਨਿਆਂ ਤੋਂ ਵਧਾਉਣ ਦੀ ਅਪੀਲ ਕੀਤੀ। ਇਹ ਬਹੁਤ ਜ਼ਰੂਰੀ ਹੈ ਕਿ ਕਮਜ਼ੋਰ ਤਬਕਿਆਂ ਅਤੇ ਦਿਹਾੜੀਦਾਰਾਂ ਜੋ ਇਸ ਮਹਾਂਮਾਰੀ ਕਾਰਨ ਆਪਣਾ ਰੋਜ਼ਗਾਰ ਗੁਆ ਚੁੱਕੇ ਹਨ, ਨੂੰ ਖੁਰਾਕ ਕਰਕੇ ਔਖਿਆਈ ਨਾ ਝੱਲਣੀ ਪਵੇ।


Share