ਪੰਜਾਬ ਸਰਕਾਰ ਵੱਲੋਂ ਦਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਨੂੰ ਨੌਕਰੀ ਦੇਣ ਦਾ ਫ਼ੈਸਲਾ

293
Share

ਅੰਮਿ੍ਰਤਸਰ, 27 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਦਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਸਕੱਤਰ ਪ੍ਰਸੋਨਲ ਰਾਹੀਂ ਇਹ ਪੱਤਰ ਜ਼ਿਲ੍ਹਾ ਪ੍ਰਸ਼ਾਸਨ, ਸਿਵਲ ਸਰਜਨ, ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਅਤੇ ਸਿੱਖਿਆ ਵਿਭਾਗ ਨੂੰ ਭੇਜੇ ਗਏ ਹਨ। ਦੱਸਣਯੋਗ ਹੈ ਕਿ ਲੱਗਪਗ ਪੌਣੇ ਤਿੰਨ ਸਾਲ ਪਹਿਲਾਂ ਅੰਮਿ੍ਰਤਸਰ ’ਚ ਵਾਪਰੇ ਦਸਹਿਰਾ ਰੇਲ ਹਾਦਸੇ ਵਿਚ ਲੱਗਪਗ 60 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿਚ ਜ਼ਖ਼ਮੀ ਹੋਏ ਸਨ। ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਹੁਣ 34 ਪੀੜਤਾਂ ਨੂੰ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਸਰਕਾਰ ਵੱਲੋਂ ਫ਼ਿਲਹਾਲ ਉਨ੍ਹਾਂ ਪ੍ਰਭਾਵਿਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਜਿਨ੍ਹਾਂ ਸਬੰਧੀ ਕੋਈ ਵਿਵਾਦ ਨਹੀਂ ਹੈ। ਵਿਵਾਦਤ ਕੇਸਾਂ ਬਾਰੇ ਫੈਸਲਾ ਬਾਅਦ ਵਿਚ ਹੋਵੇਗਾ।

Share