-ਐੱਨ.ਆਰ.ਆਈਜ਼ ਨੂੰ ਢੁਕਵੀਂਆਂ ਸਹੂਲਤਾਂ ਅਤੇ ਮਦਦ ਦੇਵੇਗਾ
ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਦੁਨੀਆਂ ਭਰ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਚ ‘ਪੰਜਾਬ ਸਹਾਇਤਾ ਕੇਂਦਰ’ ਦੇ ਨਾਂ ਹੇਠ ਆਲ੍ਹਾ ਦਰਜੇ ਦਾ ਐੱਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਤੋਂ ਸੂਬਾ ਸਰਕਾਰ ਦੀ ਐੱਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉੱਤੇ ਆਉਣ ਵਾਲੇ ਐੱਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ, ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉੱਤੇ ਲਿਜਾਣ ਲਈ ਸਹਾਇਤਾ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।