#PUNJAB

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਐਲਾਨ

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਹੋ ਕੇ ਪੰਜਾਬ ਦੇ ਐਡਵੋਕੇਟ-ਜਨਰਲ ਵਿਨੋਦ ਘਈ ਨੇ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਨੋਟੀਫਿਕੇਸ਼ਨ ਵਾਪਸ ਲੈ ਲਿਆ ਜਾਵੇਗਾ। ਇਸ ਤੋਂ ਬਾਅਦ ਪੰਚਾਇਤਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਸ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼ ਹੈ। ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਤਰੀਕੇ ਨਾਲ ਭੰਗ ਕਰ ਦਿੱਤਾ ਗਿਆ ਹੈ। ਪਟੀਸ਼ਨਰਾਂ ਨੇ ਜਨਵਰੀ 2019 ‘ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਹੈ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ।

Leave a comment