19.9 C
Sacramento
Wednesday, October 4, 2023
spot_img

ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ‘ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਵੱਡੀ ਪਹਿਲਕਦਮੀ

ਚੰਡੀਗੜ੍ਹ/ਜਲੰਧਰ, 12 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ‘ਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ ਵਾਸਤੇ ਆਪਣੀ ਤਰ੍ਹਾਂ ਦੀ ਪਹਿਲੀ ਵਿਚਾਰ-ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ। ਜਲੰਧਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਿਚਾਰ-ਚਰਚਾ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਪੰਜਾਬ ਕੰਟੇਨਰ ਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨਾਲ ਹੋਏ ਦੁਖਾਂਤ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ।
ਕੈਬਨਿਟ ਮੰਤਰੀ ਨੇ ਉਨ੍ਹਾਂ ਦਾ ਦੁੱਖ ਵੰਡਾਇਆ ਤੇ ਯਕੀਨ ਦਿਵਾਇਆ ਕਿ ਭਵਿੱਖ ‘ਚ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯਤਨਸ਼ੀਲ ਹੈ। ਵਿਚਾਰ ਚਰਚਾ ਦੌਰਾਨ ਕੁਝ ਔਰਤਾਂ ਵੱਲੋਂ ਦੱਸਿਆ ਗਿਆ ਕਿ ਏਜੰਟਾਂ ਵੱਲੋਂ ਉਨ੍ਹਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਖੁਸ਼ਹਾਲ ਜ਼ਿੰਦਗੀ ਦੇ ਸੁਫ਼ਨਾ ਦਿਖਾ ਤੇ ਬਾਹਰਲੇ ਦੇਸ਼ ‘ਚ ਭੇਜ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਣਾ ਪਿਆ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨਾਲ ਹੋ ਰਹੀਆਂ ਅਜਿਹੀਆਂ ਮੰਦਭਾਗੀ ਸ਼ੋਸ਼ਣ ਵਾਲਿਆਂ ਘਟਨਾਵਾਂ ਅਤੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ ਤੇ ਇਸ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਤਰਮੀਮਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰੇ ਦੌਰਾਨ ਸਭ ਤੋਂ ਵੱਡੀ ਸਮੱਸਿਆ ਏਜੰਟਾਂ ਰਾਹੀਂ ਕੀਤੀ ਜਾਂਦੀ ਧੋਖਾਧੜੀ ਦੀ ਸਾਹਮਣੇ ਆਈ ਹੈ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਏਜੰਟਾਂ ਨੂੰ ਨੱਥ ਪਾ ਕੇ ਦੂਰ ਕੀਤਾ ਜਾਵੇਗਾ ।
ਉਨ੍ਹਾਂ ਔਰਤਾਂ ਦੇ ਸਸ਼ਕਤੀਕਰਨ ਦੀ ਗੱਲ ‘ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਸਕੀਮ ਰਾਹੀਂ ਔਰਤਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜਿਹੜੇ ਜ਼ਿਲ੍ਹਿਆਂ ‘ਚ ‘ਸਖੀ ਵਨ ਸਟਾਪ ਸੈਂਟਰ’ ਖੁੱਲ੍ਹ ਚੁੱਕੇ ਹਨ, ਉੱਥੇ ਸ਼ੋਸ਼ਣ ਜਾਂ ਹਿੰਸਾ ਪੀੜਤ ਔਰਤਾਂ ‘ਸਖੀ ਵਨ ਸਟਾਪ ਸੈਂਟਰ’ ਨਾਲ ਸੰਪਰਕ ਕਰਕੇ ਤੁਰੰਤ ਮੁਫ਼ਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ, ਇਸ ਮੰਤਵ ਲਈ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਹੋਰ ਨਵੀਆਂ ਸਕੀਮਾਂ ਲਾਗੂ ਕਰਨ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਤੇ ਨੀਤੀ ਨਿਰਮਾਣ ਲਈ ਖੁੱਲ੍ਹੀ ਵਿਚਾਰ ਚਰਚਾ ਬਹੁਤ ਸਾਰਥਿਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਵਿਚਾਰਾਂ ਨੂੰ ਪਾਲਿਸੀ ਨਿਰਧਾਰਿਤ ਕਰਨ ਵਿਚ ਸਥਾਨ ਦੇ ਕੇ ਲੋਕਾਂ ਨੂੰ ਸ਼ਕਤੀ ਦਿੱਤੀ ਜਾ ਰਹੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਪੁਲਿਸ ਤੇ ਸਿਵਲ ਦੇ ਅਧਿਕਾਰੀ, ਗ਼ੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦੇ, ਵਿਸ਼ਾ ਮਾਹਿਰ ਤੇ ਹੋਰ ਹਾਜ਼ਰ ਸਨ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles