ਪੰਜਾਬ ਸਰਕਾਰ 16 ਦਸੰਬਰ ਤੋਂ ਸੂਬੇ ‘ਚ ਕਰਵਾਏਗੀ ਪੰਜ ‘ਐੱਨ.ਆਰ.ਆਈ. ਸੰਮੇਲਨ’

58

– ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ਕਰਵਾਏ ਜਾਣਗੇ ਪ੍ਰੋਗਰਾਮ
ਚੰਡੀਗੜ੍ਹ, 30 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਹੁਣ ਸੂਬੇ ਵਿਚ ਪੰਜ ‘ਐੱਨ.ਆਰ.ਆਈ. ਸੰਮੇਲਨ’ ਕਰਵਾਏਗੀ, ਜਿਸ ਦੀ ਸ਼ੁਰੂਆਤ 16 ਦਸੰਬਰ ਨੂੰ ਜਲੰਧਰ ਤੋਂ ਹੋਵੇਗੀ। ‘ਐੱਨ.ਆਰ.ਆਈ., ਪੰਜਾਬੀਆਂ ਨਾਲ ਮਿਲਣੀ’ ਨਾਮੀ ਇਹ 5 ਪ੍ਰੋਗਰਾਮ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ਕਰਵਾਏ ਜਾ ਰਹੇ ਹਨ। ਐੱਨ.ਆਰ.ਆਈ. ਸੰਮੇਲਨ 19 ਨਵੰਬਰ ਨੂੰ ਮੁਹਾਲੀ, 23 ਨਵੰਬਰ ਨੂੰ ਲੁਧਿਆਣਾ, 26 ਨਵੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ‘ਚ ਕਰਾਇਆ ਜਾਵੇਗਾ। ਐੱਨ.ਆਰ.ਆਈ. ਮੰਤਰੀ ਨੇ ਇੱਥੇ ਐੱਨ.ਆਰ.ਆਈ. ਮਾਮਲੇ ਵਿਭਾਗ ਪੰਜਾਬ, ਐੱਨ.ਆਰ.ਆਈ. ਕਮਿਸ਼ਨ, ਐੱਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿਚ ਜਲੰਧਰ, ਹੁਸ਼ਿਆਰਪੁਰ, ਐੱਸ.ਬੀ.ਐੱਸ. ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ 19 ਦਸਬੰਰ ਨੂੰ ਐੱਸ.ਏ.ਐੱਸ. ਨਗਰ ਵਿਖੇ ਐੱਸ.ਏ.ਐੱਸ. ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਸ਼ਾਮਲ ਹੋਣਗੇ। 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ‘ਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਐੱਨ.ਆਰ.ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਨੇ ਦੱਸਿਆ ਕਿ 15 ਐੱਨ.ਆਰ.ਆਈ. ਪੁਲਿਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾਵੇਗਾ। ਹਰੇਕ ਐੱਨ.ਆਰ.ਆਈ. ਪੁਲਿਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐੱਸ. ਪੱਧਰ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਐੱਨ.ਆਰ.ਆਈ. ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਨੂੰ ਪੰਜਾਬ ਵਿਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐੱਨ.ਆਰ.ਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ, ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।