#PUNJAB

ਪੰਜਾਬ-ਹਰਿਆਣਾ ਬਾਰਡਰ ’ਤੇ ‘ਜੰਗ’ ਵਰਗੇ ਹਾਲਾਤ, ਇੰਟਰਨੈੱਟ ਬੰਦ, ਹੱਦਾਂ ਪੂਰੀ ਤਰ੍ਹਾਂ ਸੀਲ

ਚੰਡੀਗੜ੍ਹ, 12 ਫਰਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਦੇ ਮੱਦੇਨਜ਼ਰ ਹਰਿਆਣਾ ਪੁਲਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਹਰਿਆਣਾ ਪੁਲਸ ਨੇ ਸ਼ੰਭੂ ਬੈਰੀਅਰ ਤੋਂ ਦਿੱਲੀ ਜਾਣ ਵਾਲੇ ਕੌਮੀ ਮਾਰਗ ’ਤੇ ਵੱਡੇ-ਵੱਡੇ ਪੱਥਰ ਲਗਾ ਕੇ ਅਤੇ ਸੜਕ ’ਤੇ ਕਿੱਲ ਵਿਛਾ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ, ਜਿਸ ਕਾਰਨ ਸਰਹੱਦ ’ਤੇ ਲੱਗਦੇ ਸ਼ਹਿਰਾਂ ਵਿਚ ਆਵਾਜਾਈ ਠੱਪ ਹੋ ਗਈ ਹੈ। ਆਲਮ ਇਹ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਬਾਰਡਰ ’ਤੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਸੂਬਿਆਂ ਦੀਆਂ ਸਰਹੱਦਾਂ ’ਤੇ ਜੰਗ ਵਰਗੇ ਹਾਲਾਤ ਜਾਪ ਰਹੇ ਹਨ। ਪੰਜਾਬ ਦੀਆਂ ਸਰਹੱਦਾਂ ’ਤੇ ਵੱਡੀ ਗਿਣਤੀ ਵਿਚ ਪੈਰਾ ਮਿਲਟਰੀ ਫੋਰਸ ਤਾਇਨਾਤ ਕਰ ਦਿੱਤੀ ਗਈਹੈ। ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਡੀ. ਸੀ. ਵਿਨੈ ਪ੍ਰਤਾਪ ਸਿੰਘ ਵੱਲੋਂ ਇਹ ਧਾਰਾ 60 ਦਿਨਾਂ ਲਈ ਲਗਾਈ ਗਈ ਹੈ। ਅਜਿਹੇ ’ਚ ਹੁਣ ਇਕ ਜਗ੍ਹਾ ’ਤੇ ਪੰਜ ਜਾਂ ਇਸ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ। ਇਸ ਦੇ ਨਾਲ ਹੀ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਦੇ ਨਾਲ ਪ੍ਰਦਰਸ਼ਨ ਅਤੇ ਮਾਰਚ ਪਾਸਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਐੱਸਐੱਮਐੱਸ ਨਹੀਂ ਭੇਜੇ ਜਾ ਸਕਦੇ ਹਨ।