ਕੋਲਕਾਤਾ, 7 ਮਈ (ਪੰਜਾਬ ਮੇਲ)- ਪੱਛਮੀ ਬੰਗਾਲ ਦੇ ਰਾਜਪਾਲ ਆਰ.ਐੱਨ. ਰਵੀ ਨੇ ਵੀਰਵਾਰ ਨੂੰ ਇੱਕ ਵੱਡਾ ਸੰਵਿਧਾਨਕ ਕਦਮ ਚੁੱਕਦਿਆਂ ਰਾਜ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ। ਇਹ ਫੈਸਲਾ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਚੋਣਾਂ ਵਿਚ ਹਾਰ ਦੇ ਬਾਵਜੂਦ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਲਿਆ ਗਿਆ ਹੈ। ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174(2)(ਬੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ 7 ਮਈ, 2026 ਤੋਂ 17ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦਾ ਹੁਕਮ ਜਾਰੀ ਕੀਤਾ ਹੈ, ਜਿਸ ਨਾਲ ਹੁਣ 18ਵੀਂ ਵਿਧਾਨ ਸਭਾ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ।
ਹਾਲ ਹੀ ਵਿਚ ਸੰਪੰਨ ਹੋਈਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੇ 293 ਵਿਚੋਂ 207 ਸੀਟਾਂ ਜਿੱਤ ਕੇ ਇਤਿਹਾਸਕ ਬਹੁਮਤ ਹਾਸਲ ਕੀਤਾ ਹੈ। ਇਸ ਜਿੱਤ ਨਾਲ ਬੰਗਾਲ ਵਿਚ 15 ਸਾਲਾਂ ਤੋਂ ਚੱਲ ਰਿਹਾ ਮਮਤਾ ਬੈਨਰਜੀ ਦਾ ਸ਼ਾਸਨ ਖ਼ਤਮ ਹੋ ਗਿਆ ਹੈ। ਹਾਲਾਂਕਿ, ਮਮਤਾ ਬੈਨਰਜੀ ਨੇ ਕਰੀਬ 100 ਸੀਟਾਂ ‘ਤੇ ‘ਵੋਟ ਚੋਰੀ’ ਦਾ ਦੋਸ਼ ਲਾਉਂਦਿਆਂ ਹਾਰ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਜ਼ਬਰਦਸਤੀ ਹਰਾਇਆ ਗਿਆ ਹੈ। ਉਨ੍ਹਾਂ ਦੇ ਅਸਤੀਫਾ ਨਾ ਦੇਣ ਕਾਰਨ ਹੀ ਰਾਜਪਾਲ ਨੂੰ ਵਿਧਾਨ ਸਭਾ ਭੰਗ ਕਰਨ ਦਾ ਸਖ਼ਤ ਫੈਸਲਾ ਲੈਣਾ ਪਿਆ।
ਦੂਜੇ ਪਾਸੇ, ਭਾਜਪਾ ਨੇ ਸਰਕਾਰ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਰਾਤ ਨੂੰ ਕੋਲਕਾਤਾ ਪਹੁੰਚ ਰਹੇ ਹਨ ਅਤੇ ਸ਼ੁੱਕਰਵਾਰ ਨੂੰ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। 9 ਮਈ ਨੂੰ ਰਬਿੰਦਰ ਜਯੰਤੀ ਦੇ ਮੌਕੇ ‘ਤੇ ਕੋਲਕਾਤਾ ਦੇ ਬ੍ਰਿਗੇਡ ਮੈਦਾਨ ਵਿਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੁਰੱਖਿਆ ਦੇ ਮੱਦੇਨਜ਼ਰ ਬ੍ਰਿਗੇਡ ਮੈਦਾਨ ਦੇ ਬਾਹਰ ਕੇਂਦਰੀ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ।
ਪੱਛਮੀ ਬੰਗਾਲ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਭੰਗ

